ਨੰਗਲ 27 ਸਤੰਬਰ 2026 Aj Di Awaaj
Punjab Desk: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਗੰਭੀਰਪੁਰ ਅੱਪਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਕਈ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਕਮਿਊਨਿਟੀ ਸੈਂਟਰ, ਜਿਮ, ਸਪੋਰਟਸ ਰੂਮ ਅਤੇ ਪੰਚਾਇਤ ਘਰ ਸਮੇਤ ਹੋਰ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਵਾਰਡ ਨੰਬਰ 1 ਅਤੇ 4 ਦੀਆਂ ਗਲੀਆਂ ਦੇ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਮਾਜਿਕ, ਖੇਡ ਅਤੇ ਹੋਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗ੍ਰਾਟ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਪੰਚਾਇਤ ਘਰ ਵਰਗੇ ਪ੍ਰੋਜੈਕਟ ਪਿੰਡ ਵਾਸੀਆਂ ਦੀਆਂ ਸਾਂਝੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਵਿੱਚ ਲੋਕ ਆਪਣੇ ਸਮਾਜਿਕ ਅਤੇ ਸਾਂਝੇ ਸਮਾਗਮ ਕਰਵਾ ਸਕਣਗੇ, ਜਦਕਿ ਜਿਮ ਅਤੇ ਸਪੋਰਟਸ ਰੂਮ ਰਾਹੀਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਨਾਲ ਜੁੜਨ ਲਈ ਬਿਹਤਰ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਸਿਰਫ਼ ਸੜਕਾਂ ਅਤੇ ਗਲੀਆਂ ਤੱਕ ਸੀਮਤ ਨਾ ਰੱਖਦਿਆਂ ਲੋਕਾਂ ਦੀਆਂ ਸਮਾਜਿਕ, ਖੇਡਾਂ ਅਤੇ ਭਾਈਚਾਰਕ ਜ਼ਰੂਰਤਾਂ ਨੂੰ ਵੀ ਵਿਕਾਸ ਯੋਜਨਾਵਾਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਰਕਾਰੀ ਹਾਈ ਸਕੂਲ ਗੰਭੀਰਪੁਰ ਅੱਪਰ ਵਿਖੇ ਚਾਰ ਨਵੇਂ ਕਮਰਿਆਂ ਦੇ ਨਿਰਮਾਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਦੇ ਨਾਲ ਹੀ ਸਕੂਲ ਵਿੱਚ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਵਧੀਆ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਲੋੜ ਅਨੁਸਾਰ ਨਵੇਂ ਕਮਰੇ ਅਤੇ ਹੋਰ ਸਹੂਲਤਾਂ ਮੁਹੱਈਆ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੜ੍ਹਾਈ-ਪੜ੍ਹਾਉਣ ਲਈ ਬਿਹਤਰ ਵਾਤਾਵਰਨ ਮਿਲੇਗਾ।
ਕੈਬਨਿਟ ਮੰਤਰੀ ਨੇ ਵਾਰਡ ਨੰਬਰ 1 ਅਤੇ 4 ਵਿੱਚ ਗਲੀਆਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਪਿੰਡਾਂ ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੰਭੀਰਪੁਰ ਅੱਪਰ ਵਿੱਚ ਸ਼ੁਰੂ ਕੀਤੇ ਗਏ ਇਹ ਵਿਕਾਸ ਪ੍ਰੋਜੈਕਟ ਪਿੰਡ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਇਕ ਹੋਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਪੰਚਾਇਤੀ ਨੁਮਾਇੰਦੇ, ਅਧਿਕਾਰੀ, ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਸਰਪੰਚ ਮਧੂ ਬਾਲਾ, ਪੰਚ ਅੰਜੂ ਬਾਲਾ ,ਪੂਜਾ ਦੇਵੀ, ਮੀਰਾ ਦੇਵੀ, ਜੋਤੀ ਸਰੂਪ, ਧਰਮਪਾਲ, ਨੀਰਜ ਸ਼ਰਮਾ ਐਡਵੋਕੇਟ, ਸੁਖਰਾਮ, ਮਹਿੰਦਰ ਕੁਮਾਰ, ਦਇਆ ਸਿੰਘ ਵਿਕਰਮ ਸ਼ਰਮਾ, ਰਾਜੀਵ ਸ਼ਰਮਾ, ਸੁਨੀਤਾ ਧਰਮਾਣੀ, ਕਮਲ ਕ੍ਰਿਸ਼ਨ, ਸ਼ਿਵ ਕੁਮਾਰ, ਜਸਪਾਲ ਸ਼ਰਮਾ, ਲੇਖਰਾਮ, ਰੰਜਨ ਦੇਵੀ, ਸਤਨਾਮ ਕੌਰ, ਮਨੀਸ਼ ਕੁਮਾਰ, ਨਰਿੰਦਰ ਕੁਮਾਰ, ਤੇਲੂ ਰਾਮ ਆਦਿ ਸ਼ਾਮਿਲ ਸਨ।



















