*ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਸਹਾਈ ਹੋਵੇਗੀ ਮੈਗਾ ਪੀਟੀਐਮ-ਵਿਧਾਇਕ ਰਾਏ*

11

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ                                                                              ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨਾਰਥਲ ਕਲਾ ਵਿਖੇ ਮੈਗਾ ਪੀਟੀਐਮ ਵਿੱਚ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 29 ਮਾਰਚ 2025 Aj Di Awaaj

ਮੈਗਾ ਪੀਟੀਐਮ ਦਾ ਮਕਸਦ ਮਾਪਿਆਂ ਨੂੰ ਨੇੜੇ ਤੋਂ ਜਿੱਥੇ ਸਰਕਾਰੀ ਸਕੂਲਾਂ ਦੀ ਕਾਰਜਸ਼ੈਲੀ ਤੋਂ ਜਾਣੂੰ ਕਰਾਉਣਾ ਰਿਹਾ ਤਾਂ ਉਥੇ ਹੀ ਸਿੱਖਿਆ ਦੇ ਖੇਤਰ ‘ਚ ਹੋਰ ਸੁਧਾਰ ਲਈ ਮਾਪਿਆਂ ਦਾ ਸੁਝਾਅ ਜਾਣਨਾ ਵੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨਾਰਥਲ ਕਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ ਟੀਚਰ ਮੀਟਿੰਗ ਆਯੋਜਿਤ ਕਰਨ ਦਾ ਕੀਤਾ ਗਿਆ ਫੈਸਲਾ ਸ਼ਲਾਘਾਯੋਗ ਹੈ ਜਿਸ ਦਾ ਵੱਡੇ ਪੱਧਰ ਤੇ ਵਿਦਿਆਰਥੀਆਂ ਨੂੰ ਲਾਭ ਪਹੁੰਚੇਗਾ।

ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸਦਾ ਲਾਭ ਮਿਲ ਰਿਹਾ ਹੈ। ਉਹ ਸਿਰਫ਼ ਆਪਣੇ ਦੇਸ਼ ਦੇ ਵਿਦਿਆਰਥੀਆਂ ਨਾਲ ਹੀ ਨਹੀਂ ਸਗੋਂ ਦੁਨੀਆ ਦੇ ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ਨਾਲ ਵੀ ਮੁਕਾਬਲਾ ਕਰ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਪਹਿਲੀ ਵਾਰ ਸੁਰੱਖਿਆ ਗਾਰਡ ਅਤੇ ਬੱਸ ਸਹੂਲਤ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਸਮੇਂ ਸਿਰ ਵੰਡੀਆਂ ਜਾ ਰਹੀਆਂ ਹਨ।

ਵਿਧਾਇਕ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਗੁਣਾਂ ਬਾਰੇ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਮੀਆਂ ਨੂੰ ਸੁਧਾਰਨ ‘ਤੇ ਵੀ ਚਰਚਾ ਹੁੰਦੀ ਹੈ। ਅਧਿਆਪਕ ਮਾਪਿਆਂ ਨੂੰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ ਨਾਲ ਹੀ ਸਕੂਲਾਂ ਦੇ ਸੁਧਾਰ ਲਈ ਉਨ੍ਹਾਂ ਦੀ ਫੀਡਬੈਕ ਲਈ ਜਾਂਦੀ ਹੈ।

 ਇਸ ਮੌਕੇ ਵਿਧਾਇਕ ਨੇ ਛੇਵੀਂ, ਸੱਤਵੀਂ, ਨੌਵੀਂ ਤੇ ਗਿਆਰਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਨਾਥ, ਉਪ ਜਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਪਿੰਡ ਦੇ ਸਰਪੰਚ ਰਾਜਦੀਪ ਰਾਜੂ, ਸਕੂਲ ਦੀ ਪ੍ਰਿੰਸੀਪਲ ਹਰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਉਨ੍ਹਾਂ ਦੇ ਮਾਪੇ, ਸਕੂਲ ਦੇ ਅਧਿਆਪਕ ਤੇ ਪਿੰਡ ਦੇ ਪਤਵੰਤੇ ਹਾਜਰ ਸਨ।