ਚੰਡੀਗੜ੍ਹ 20 Mar 2026 AJ DI Awaaj
Chandigarh Desk : ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦੀ ਚਾਰ ਸਾਲਾਂ ਦੀ ਪ੍ਰਗਤੀ ਰਿਪੋਰਟ ਜਾਰੀ ਕਰਦੇ ਹੋਏ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਦੱਸਿਆ ਕਿ 28 ਮਾਰਚ ਨੂੰ ਸੂਬੇ ਵਿੱਚ 100 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਕੰਮ ਸ਼ੁਰੂ ਹੋਵੇਗਾ। ਮਲੇਰਕੋਟਲਾ ਵਿੱਚ ਕਮਿਊਨਿਟੀ ਮੈਡੀਕਲ ਸੈਂਟਰ ਲਈ ਜ਼ਮੀਨ ਪ੍ਰਾਪਤੀ ਆਖਰੀ ਪੜਾਅ ‘ਤੇ ਹੈ ਅਤੇ ਈਦ ਮੌਕੇ ਇਲਾਕੇ ਨੂੰ ਮੈਡੀਕਲ ਕਾਲਜ ਦੀ ਸੌਗਾਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਤਰ੍ਹਾਂ ਦੀ ਕਮੀ ਆਉਂਦੀ ਹੈ ਤਾਂ ਸੰਬੰਧਤ ਅਧਿਕਾਰੀ ਤੁਰੰਤ ਖਰੀਦ ਕਰ ਸਕਦੇ ਹਨ, ਨਾ ਕਰਨ ‘ਤੇ ਕਾਰਵਾਈ ਹੋਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਸਾਰੇ ਇਲਾਜ ਮੁਫ਼ਤ ਹਨ ਅਤੇ ਕਿਸੇ ਵੀ ਮਰੀਜ਼ ਨੂੰ ਪੈਸਾ ਨਹੀਂ ਦੇਣਾ ਪਵੇਗਾ। ਇਸ ਯੋਜਨਾ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਹੁਣ ਤੱਕ 25 ਲੱਖ ਪਰਿਵਾਰ ਰਜਿਸਟਰ ਹੋ ਚੁੱਕੇ ਹਨ ਅਤੇ 1.60 ਲੱਖ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਵੇਲੇ 883 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 28 ਮਾਰਚ ਨੂੰ 100 ਹੋਰ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਹੋਰ ਕਲੀਨਿਕ ਬਣ ਰਹੇ ਹਨ, ਜਿਸ ਨਾਲ ਕੁੱਲ ਗਿਣਤੀ 1400 ਹੋ ਜਾਵੇਗੀ।
ਮੁੱਖ ਮੰਤਰੀ ਦੇ ਅਨੁਸਾਰ, 94% ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ‘ਤੇ ਸੰਤੁਸ਼ਟੀ ਜਤਾਈ ਹੈ। ਕਲੀਨਿਕਾਂ ਦੀ ਓਪੀਡੀ 5 ਕਰੋੜ ਤੋਂ ਵੱਧ ਪਹੁੰਚ ਗਈ ਹੈ ਅਤੇ ਲੱਖਾਂ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਦਾ ਇਲਾਜ ਮਿਲਿਆ ਹੈ। 30,000 ਗਰਭਵਤੀ ਮਹਿਲਾਵਾਂ ਦੀ ਵੀ ਜਾਂਚ ਕੀਤੀ ਗਈ ਹੈ।












