ਫ਼ਰੀਦਕੋਟ 07 ਅਕਤੂਬਰ 2025 Aj Di Awaaj
Punjab Desk : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੁਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ । ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਸਮ ਖਰਾਬ ਹੋਣ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਸਕਦੀ ਹੈ,ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਧਿਆਨ ਨਾਲ ਕਰਨ ਤਾਂ ਜੋ ਕਟਾਈ ਸਮੇਂ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਾ ਹੋਵੇ।
ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 14089 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 11406 ਮੀਟ੍ਰਿਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਪਨਗ੍ਰੇਨ ਵਲੋਂ 5139.50 ਮੀਟ੍ਰਿਕ ਟਨ, ਮਾਰਕਫੈਡ ਵਲੋਂ 3212.50 ਮੀਟ੍ਰਿਕ ਟਨ, ਪਨਸਪ ਵੱਲੋਂ 1848.75 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 1007 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 198 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ: 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜਿਲ੍ਹੇ ਦੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਟਾਈ ਉਪਰੰਤ ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
