ਅੰਮ੍ਰਿਤਸਰ, 22 ਜੂਨ 2026 Aj Di Awaaj
National Desk: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸਾਂਝੇ ਸਰਚ ਆਪਰੇਸ਼ਨ ਦੌਰਾਨ ਅੰਮ੍ਰਿਤਸਰ ਦੇ ਘਰਿੰਡਾ ਖੇਤਰ ਅਧੀਨ ਬੀਓਪੀ ਪੁਲਮੋਰਾ ਨੇੜਲੇ ਖੇਤਾਂ ਵਿੱਚੋਂ 27 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਨਸ਼ੇ ਦੀ ਵੱਡੀ ਖੇਪ ਸੁੱਟੀ ਗਈ ਹੈ। ਸੂਚਨਾ ਮਿਲਦੇ ਹੀ ਬੀਐਸਐਫ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਇਲਾਕੇ ਵਿੱਚ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ।
ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਤਿੰਨ ਵੱਡੇ ਪੈਕਟ ਬਰਾਮਦ ਹੋਏ। ਜਾਂਚ ਕਰਨ ‘ਤੇ ਇਨ੍ਹਾਂ ਪੈਕਟਾਂ ਵਿੱਚੋਂ ਕੁੱਲ 27 ਕਿਲੋ ਹੈਰੋਇਨ ਮਿਲੀ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਖੇਪ ਸਰਹੱਦ ਪਾਰ ਬੈਠੇ ਤਸਕਰਾਂ ਵੱਲੋਂ ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਲਈ ਭੇਜੀ ਗਈ ਸੀ।
ਬਰਾਮਦਗੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਹੈ। ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਤਸਕਰੀ ਰੈਕੇਟ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ।
ਬੀਐਸਐਫ ਅਤੇ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਕੀਤੀਆਂ ਜਾਣ ਵਾਲੀਆਂ ਨਸ਼ਾ ਤਸਕਰੀ ਦੀਆਂ ਹਰ ਕੋਸ਼ਿਸ਼ਾਂ ਨੂੰ ਨਾਕਾਮ ਬਣਾਉਣ ਲਈ ਸੁਰੱਖਿਆ ਬਲ ਪੂਰੀ ਤਰ੍ਹਾਂ ਮੁਸਤੈਦ ਹਨ।














