ਪੱਛੜੇ ਵਰਗਾਂ ਲਈ 27 ਪ੍ਰਤੀਸ਼ਤ ਰਾਖਵੇਂਕਰਨ ਲਈ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ- ਡਾ. ਮਲਕੀਤ ਸਿੰਘ

37

ਫਰੀਦਕੋਟ 23 ਜੂਨ 2025 AJ DI Awaaj

Punjab Desk : ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਵੱਲੋਂ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜਿਲੇ ਦੇ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਪੱਛੜੇ ਵਰਗਾਂ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ/ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੂੰ ਇਥੇ ਪਹੁੰਚਣ ਤੇ ਜੀ ਆਇਆਂ ਕਿਹਾ ਤੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੱਛੜੇ ਵਰਗਾਂ, ਅਨੁਸੂਚਿਤ ਜਾਤੀ, ਜਨਜਾਤੀ ਵਰਗਾਂ ਨਾਲ ਸਬੰਧਤ ਲੋਕਾਂ ਦੀ ਭਲਾਈ ਲਈ ਗਰਾਊਂਡ ਲੈਵਲ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਕੈਂਪ ਲਗਾ ਕੇ ਇਨ੍ਹਾਂ ਸਕੀਮਾਂ ਸਬੰਧੀ ਲੋਕਾਂ ਨੂੰ ਹੋਰ ਵਧੇਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਡਾ. ਮਲਕੀਤ ਸਿੰਘ ਥਿੰਦ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਚੇਅਰਮੈਨ ਬਣਾ ਕੇ ਇਸ ਵਰਗ ਦੀ ਭਲਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਉਹ ਪੂਰੀ ਤਨਦੇਹੀ ਨਾਲ ਪੱਛੜੇ ਵਰਗਾਂ ਦੀ ਭਲਾਈ ਲਈ ਸਕੀਮਾਂ/ ਯੋਜਨਾਵਾਂ ਨੂੰ ਲਾਗੂ ਕਰਵਾਉਣ ਲਈ ਕੰਮ ਕਰਨਗੇ। ਇਸ ਮੌਕੇ ਭਲਾਈ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਬੈਕਇੰਫੋ,ਫੂਡ ਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੁਆਰਾ ਪੱਛੜੇ ਵਰਗਾਂ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਸਕੀਮਾਂ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੱਛੜੇ ਵਰਗਾਂ ਨਾਲ ਸਬੰਧਤ ਵੱਖ-ਵੱਖ ਸੰਸਥਾਵਾਂ ਐਨ.ਜੀ.ਓ ਵੱਲੋਂ ਮੰਗ ਪੱਤਰ ਦਿੱਤੇ ਗਏ ਹਨ ਕਿ ਬਾਕੀ ਰਾਜਾਂ ਵਾਂਗ ਪੰਜਾਬ ਵਿੱਚ ਵੀ ਬੀ.ਸੀ ਵਰਗ ਲਈ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਤੇ ਨੋਕਰੀਆਂ ਵਿੱਚ 27 ਪ੍ਰਤੀਸ਼ਤ ਰਿਜ਼ਰਵੇਸ਼ਨ ਦਾ ਕੋਟਾ ਲਾਗੂ ਕੀਤਾ ਜਾਵੇ, ਇਸ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਜੀ ਨੂੰ ਮਿਲ ਕੇ ਪੱਛੜੇ ਵਰਗਾਂ ਦੀ ਇਸ ਮੰਗ ਸਬੰਧੀ ਜਾਣੂ ਕਰਵਾਉਣਗੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਯੋਗ ਕਾਰਵਾਈ ਕਰਨ ਦੀ ਅਪੀਲ ਵੀ ਕਰਨਗੇ।

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜਿਲੇ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵੱਖ ਵੱਖ ਵਰਗਾਂ ਦੀਆਂ ਭਲਾਈ ਸਕੀਮਾਂ ਸਬੰਧੀ ਸੁਵਿਧਾ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਜਿਲਾ ਸਮਾਜਿਕ ਤੇ ਅਧਿਕਾਰਤਾ ਅਫਸਰ ਸ. ਗੁਰਮੀਤ ਸਿੰਘ ਬਰਾੜ ਨੇ ਉਨ੍ਹਾਂ ਦੇ ਵਿਭਾਗ ਵੱਲੋਂ ਪੱਛੜੇ ਵਰਗ ਲਈ ਦਿਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਰਗਾਂ ਦੀ ਭਲਾਈ ਲਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਡੀ.ਐੱਫ ਐੱਸ ਸੀ ਸ. ਗੁਰਜੀਤ ਸਿੰਘ ਦਿਉਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਟਰੀ ਅੰਜਨਾ ਕੌਸ਼ਲ,ਸ਼ਮਸ਼ੇਰ ਸਿੰਘ ਡੀ.ਐਸ.ਪੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।