ਜਨਗਣਨਾ 2027 ਲਈ ਫ਼ਰੀਦਕੋਟ ਵਿੱਚ 3 ਰੋਜ਼ਾ ਟ੍ਰੇਨਿੰਗ

15

ਫ਼ਰੀਦਕੋਟ, 7 ਅਪ੍ਰੈਲ 2026 AJ DI Awaaj

Punjab Desk :   ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਤਿਆਰੀਆਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫਸਰ, ਫ਼ਰੀਦਕੋਟ ਦੀ ਅਗਵਾਈ ਹੇਠ ਅਸ਼ੋਕ ਚੱਕਰ ਮੀਟਿੰਗ ਹਾਲ, ਡੀ.ਸੀ. ਕੰਪਲੈਕਸ ਵਿਖੇ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ ਫੀਲਡ ਟ੍ਰੇਨਰਾਂ ਦੀ 3 ਰੋਜ਼ਾ ਟ੍ਰੇਨਿੰਗ (6, 7 ਅਤੇ 9 ਅਪ੍ਰੈਲ) ਦੀ ਸ਼ੁਰੂਆਤ ਕੀਤੀ ਗਈ।

ਇਸ ਟ੍ਰੇਨਿੰਗ ਵਿੱਚ ਫੀਲਡ ਟ੍ਰੇਨਰਾਂ ਵੱਲੋਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਪਹਿਲੇ ਪੜਾਅ ਦੌਰਾਨ ਟ੍ਰੇਨਿੰਗ ਦੇਣ ਲਈ ਭਾਗ ਲਿਆ ਗਿਆ।

ਜਿਲ੍ਹਾ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਮਾਸਟਰ ਟ੍ਰੇਨਰ ਸ੍ਰੀ ਹਰਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਟ੍ਰੇਨਰਾਂ ਵੱਲੋਂ ਮਕਾਨਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ।

ਉਨ੍ਹਾਂ ਕਿਹਾ ਕਿ ਮਕਾਨਸੂਚੀਕਰਣ ਮਰਦਮਸ਼ੁਮਾਰੀ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੈ, ਜਿਸ ਦੇ ਆਧਾਰ ’ਤੇ ਅਗਲੀ ਕਾਰਵਾਈ ਨਿਰਭਰ ਕਰਦੀ ਹੈ, ਇਸ ਲਈ ਹਰ ਕਰਮਚਾਰੀ ਵੱਲੋਂ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ।

ਟ੍ਰੇਨਿੰਗ ਦੌਰਾਨ ਮੈਦਾਨੀ ਪੱਧਰ ’ਤੇ ਆ ਸਕਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਜਿਵੇਂ ਕਿ ਡਾਟਾ ਇਕੱਠਾ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ, ਲੋਕਾਂ ਨਾਲ ਸੰਚਾਰ ਦੀਆਂ ਚੁਣੌਤੀਆਂ ਅਤੇ ਤਕਨੀਕੀ ਦਿੱਕਤਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਵੀ ਸੁਝਾਏ ਗਏ। ਇਸ ਤੋਂ ਇਲਾਵਾ ਨਵੇਂ ਡਿਜ਼ੀਟਲ ਸਾਧਨਾਂ ਦੀ ਵਰਤੋਂ ਰਾਹੀਂ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਉਣ ’ਤੇ ਖਾਸ ਧਿਆਨ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਮਰਦਮਸ਼ੁਮਾਰੀ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਹੀ ਸਰਕਾਰ ਦੀਆਂ ਭਵਿੱਖੀ ਨੀਤੀਆਂ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਮਜ਼ਬੂਤ ਅਧਾਰ ਸਾਬਤ ਹੁੰਦੇ ਹਨ।

 ਇਸ ਮੌਕੇ ਸ੍ਰੀ ਪੰਕਜ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਸੈਂਸਸ ਡਿਜ਼ੀਟਲ ਮੋਡ ’ਤੇ ਕਰਵਾਈ ਜਾਵੇਗੀ ਅਤੇ ਪਹਿਲੀ ਵਾਰ ਸੈਲਫਇਨਯੂਮੇਰੇਸ਼ਨ ਮਿਤੀ 30 ਅਪ੍ਰੈਲ 2026 ਤੋਂ ਮਿਤੀ 14 ਮਈ 2026 ਤੱਕ ਹੋਵੇਗੀ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸੈਲਫ ਇਨਯੂਮੇਰੇਸ਼ਨ ਵਿੱਚ ਵੱਧ ਤੋਂ ਵੱਧ ਭਾਗ ਲੈਣ।

ਅੰਤ ਵਿੱਚ ਟ੍ਰੇਨਿੰਗ ਵਿੱਚ ਸ਼ਾਮਲ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧੀਨ ਸਟਾਫ਼ ਨੂੰ ਵੀ ਇਸ ਬਾਰੇ ਪੂਰੀ ਤਰ੍ਹਾਂ ਜਾਗਰੂਕ ਕਰਨ ਅਤੇ ਟੀਮ ਵਰਕ ਨਾਲ ਇਸ ਮਹੱਤਵਪੂਰਨ ਕੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ, ਤਾਂ ਜੋ ਮਰਦਮਸ਼ੁਮਾਰੀ 2027 ਨੂੰ ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਸ੍ਰੀ ਪੰਕਜ ਕੁਮਾਰ, ਜਿਲ੍ਹਾ ਕੋਆਰਡੀਨੇਟਰ (ਜਨਗਣਨਾ), ਸ੍ਰੀ ਗੁਰਿੰਦਰ ਸਿੰਘ, ਡਿਪਟੀ ਈ.ਐਸ.ਏ.-ਕਮ-ਵਧੀਕ ਜਿਲ੍ਹਾ ਸੈਂਸਸ ਅਫਸਰ, ਸ੍ਰੀ ਸੰਦੀਪ ਸਿੰਘ ਇਨਵੈਸੀਗੇਟਰ, ਸ੍ਰੀਮਤੀ ਮਨਪ੍ਰੀਤ ਕੌਰ (ਵਾਈ.ਪੀ.), ਜ਼ਿਲ੍ਹਾ ਅੰਕੜਾ ਦਫਤਰ ਫ਼ਰੀਦਕੋਟ ਨੇ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।