Punjab 30 Dec 2025 AJ DI Awaaj
Punjab Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਅਕਾਲੀ ਦਲ ਨਾਲ ਜੁੜੇ ਆਗੂਆਂ ‘ਤੇ ਗੰਭੀਰ ਦੋਸ਼ ਲਗਾਏ ਹਨ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ SGPC ਅਤੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਇਸ ਮਾਮਲੇ ਕਾਰਨ ਡੂੰਘੇ ਸਦਮੇ ਵਿੱਚ ਹੈ, ਪਰ ਅਜੇ ਤੱਕ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵਿਰੁੱਧ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਨੈਤਿਕ ਜ਼ਿੰਮੇਵਾਰੀ ਨਿਭਾਉਂਦਿਆਂ ਐਫ਼ਆਈਆਰ ਦਰਜ ਕਰਕੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ।
ਭਗਵੰਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਐਫ਼ਆਈਆਰ ਦਰਜ ਹੋਣ ਮਗਰੋਂ SGPC ਨੇ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਸਰਕਾਰ ਵਿਰੁੱਧ ਪ੍ਰਚਾਰ ਸ਼ੁਰੂ ਕਰ ਦਿੱਤਾ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ SGPC ਪ੍ਰਧਾਨ ਖੁਦ ਮੰਨ ਚੁੱਕੇ ਹਨ ਕਿ ਕਮੇਟੀ ਵਿੱਚ ਰੋਜ਼ਾਨਾ ਕਈ ਘੁਟਾਲੇ ਹੁੰਦੇ ਹਨ, ਜੋ ਗੋਲਕ ਦੇ ਪੈਸਿਆਂ ਦੀ ਦੁਰਵਰਤੋਂ ਵੱਲ ਇਸ਼ਾਰਾ ਕਰਦੇ ਹਨ।
ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਸਾਲ 2020 ਵਿੱਚ SGPC ਦੀ ਅੰਤਰਿਮ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਅਤੇ ਪ੍ਰਕਾਸ਼ਕਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਮਤੇ ਪਾਸ ਕੀਤੇ ਗਏ ਸਨ, ਪਰ ਅਜੇ ਤੱਕ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਵਰਗੇ ਪ੍ਰਭਾਵਸ਼ਾਲੀ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦੇ ਮਤੇ ਵੀ ਲਟਕੇ ਰਹੇ।
ਮਾਨ ਨੇ ਦੋਸ਼ ਲਗਾਇਆ ਕਿ ਐਸ.ਐਸ. ਕੋਹਲੀ ਐਂਡ ਐਸੋਸੀਏਟਸ ਨਾਲ ਸੇਵਾਵਾਂ ਖ਼ਤਮ ਕਰਨ ਅਤੇ 75 ਫ਼ੀਸਦੀ ਭੁਗਤਾਨ ਵਾਪਸ ਲੈਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਕਿਉਂਕਿ ਇਹ ਫਰਮ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੀ ਸੀਏ ਫਰਮ ਹੈ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ SGPC ਨੇ ਆਪਣੇ ਹੀ ਮਤੇ ਵਾਪਸ ਲੈ ਲਏ ਅਤੇ ਹੁਣ ਸੂਬਾ ਸਰਕਾਰ ‘ਤੇ ਪੰਥਕ ਮਾਮਲਿਆਂ ਵਿੱਚ ਦਖ਼ਲ ਦੇ ਦੋਸ਼ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦੇ ਅਧਿਕਾਰ SGPC ਨੂੰ ਦਿੱਤੇ ਗਏ ਸਨ ਅਤੇ ਹੁਣ ਜਦੋਂ ਸਰਕਾਰ ਲਾਪਤਾ ਸਰੂਪਾਂ ਦੀ ਬਰਾਮਦਗੀ ਦੀ ਗੱਲ ਕਰ ਰਹੀ ਹੈ ਤਾਂ ਇਸਨੂੰ ਧਾਰਮਿਕ ਮਸਲਾ ਬਣਾਇਆ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ SGPC ਤਾਕਤ ਤਾਂ ਚਾਹੁੰਦੀ ਹੈ ਪਰ ਲੋਕਾਂ ਅੱਗੇ ਜਵਾਬਦੇਹ ਬਣਨ ਤੋਂ ਭੱਜਦੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੇੜਲੇ ਲੋਕਾਂ ਨੂੰ ਬਚਾਉਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ SGPC ਅਤੇ ਇਸ ਦਾ ਪ੍ਰਧਾਨ ਅਕਾਲੀ ਲੀਡਰਸ਼ਿਪ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਚੁੱਕੇ ਹਨ।
ਮੁੱਖ ਮੰਤਰੀ ਨੇ ਦੋ ਟੁੱਕ ਕਿਹਾ ਕਿ ਸੂਬਾ ਸਰਕਾਰ ਹਰ ਹਾਲਤ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਏਗੀ। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ SGPC ਦੀਆਂ ਚੋਣਾਂ ਨਹੀਂ ਹੋਈਆਂ ਅਤੇ ਕੇਂਦਰ ਸਰਕਾਰ ‘ਤੇ ਵੀ ਇਸ ਸਬੰਧੀ ਕੋਈ ਦਬਾਅ ਨਹੀਂ ਬਣਾਇਆ ਗਿਆ।
ਇਸ ਤੋਂ ਇਲਾਵਾ, ਮਾਨ ਨੇ ਭਾਜਪਾ ਵੱਲੋਂ ਸਿੱਖ ਗੁਰੂਆਂ ਦੇ ਕਾਰਟੂਨ ਪੋਸਟ ਕਰਨ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਮਾਮਲੇ ਵਿੱਚ ਵੀ SGPC ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਆਗੂ ਸਿਰਫ਼ ਕੁਰਸੀ ਦੀ ਰਾਜਨੀਤੀ ਕਰ ਰਹੇ ਹਨ ਅਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਨਾਲ ਉਨ੍ਹਾਂ ਨੂੰ ਕੋਈ ਸਰੋਕਾਰ ਨਹੀਂ।














