ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

28

ਬਰਨਾਲਾ, 9 ਅਕਤੂਬਰ 2025 AJ DI Awaaj

Punjab Desk : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕੱਢੀ ਜਾ ਰਹੀ ਯਾਤਰਾ ਜ਼ਿਲ੍ਹਾ ਬਰਨਾਲਾ ਵਿਖੇ ਗੁਰੂਦਵਾਰਾ ਸੋਹੀਆਣਾ ਸਾਹਿਬ ‘ਤੇ ਰੁਕੇਗੀ। ਜ਼ਿਲ੍ਹਾ ਬਠਿੰਡਾ ਤੋਂ ਆ ਰਹੀ ਇਸ ਯਾਤਰਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸ਼ਰਧਾਲੂਆਂ ਵੱਲੋਂ ਗੁਰੂਦਵਾਰਾ ਸੋਹੀਆਣਾ ਸਾਹਿਬ ਵਿਖੇ ਸਵਾਗਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂ ਸਾਹਿਬਾਨ ਦੀ ਕੁਰਬਾਨੀ ਨੂੰ ਦਰਸਾਉਂਦਾ ਲਾਈਟ ਐਂਡ ਸਾਉੰਡ ਸ਼ੋਅ ਵੀ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਹ ਜਾਣਕਾਰੀ ਗੁਰੂ ਸਾਹਿਬਾਨ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜ਼ਿਲ੍ਹਾ ਬਰਨਾਲਾ ‘ਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਬੈਠਕ ਦੀ ਪ੍ਰਧਾਨਗੀਆਂ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਯਾਤਰਾ ਦਾ ਭਰਵਾਂ ਸਵਾਗਤ ਗੁਰੂਦਵਾਰਾ ਸੋਹੀਆਣਾ ਸਾਹਿਬ ਵਿਖੇ ਕੀਤਾ ਜਾਵੇਗਾ ਜਿਥੇ ਸੰਗਤਾਂ ਲਈ ਲੰਗਰ ਆਦਿ ਦਾ ਵੀ ਪ੍ਰਬੰਧ ਹੋਵੇਗਾ।

ਗੁਰੂਦਵਾਰਾ ਸੋਹੀਆਣਾ ਸਾਹਿਬ ਤੋਂ ਯਾਤਰਾ ਹੰਡਿਆਇਆ ਵਿਖੇ ਪੁੱਜੇਗੀ। ਹੰਡਿਆਇਆ ਤੋਂ ਕਚਹਿਰੀ ਚੌਂਕ, ਗੁਰੂਦਵਾਰਾ ਨਾਨਕਸਰ ਸਾਹਿਬ, ਆਈ ਟੀ ਆਈ ਚੌਂਕ ਤੋਂ ਬਡਬਰ ਟੋਲ ਪਲਾਜ਼ਾ ਵਿਖੇ ਪੁੱਜੇਗੀ। ਉਨ੍ਹਾਂ ਹਦਾਇਤ ਕੀਤੀ ਕਿ ਯਾਤਰਾ ਦੇ ਰੂਟ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕੀਤੀ ਜਾਵੇ, ਸੜਕਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਇਸ ਗੱਲ ਨੂੰ ਯਕੀਨੀਂ ਬਣਾਇਆ ਜਾਵੇ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਯਾਤਰਾ ਦੌਰਾਨ ਟ੍ਰੈਫਿਕ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਨਾਲ ਹੀ ਟ੍ਰੈਫਿਕ ਸਬੰਧੀ ਡਾਇਵਰਸ਼ਨ ਅਤੇ ਬੇਰਿਕੈਡਿੰਗ ਦਾ ਵੀ ਵਿਸ਼ੇਸ਼ ਖਿਆਲ ਰੱਖਿਆ ਜਾਵੇ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਸਬੰਧੀ ਲਾਈਟ ਐਂਡ ਸਾਉੰਡ ਸ਼ੋਅ ਵੀ ਜ਼ਿਲ੍ਹੇ ਵਿੱਚ ਕਰਵਾਇਆ ਜਾਵੇਗਾ ਜਿਸ ਦਾ ਸਮਾਂ ਅਤੇ ਸਥਾਨ ਮੁਕਰਰ ਹੋਣ ‘ਤੇ ਆਮ ਜਨਤਾ ਨੂੰ ਸੂਚਿਤ ਕਰ ਦਿੱਤਾ ਜਾਵੇਗਾ ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਦਾ ਹਿੱਸਾ ਬਣਨ ਅਤੇ ਲਾਈਟ ਐਂਡ ਸਾਉਂਡ ਸ਼ੋਅ ਵਿੱਚ ਆਪਣੇ ਪਰਿਵਾਰਾਂ ਸਮੇਤ ਪੁੱਜਣ।

ਬੈਠਕ ‘ਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀ ਸਵਿੰਦਰ ਸਿੰਘ, ਕਾਰਜਕਾਰੀ ਇੰਜੀਨਿਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਹਰਸ਼ ਗੋਇਲ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਬੀਰਇੰਦਰ ਸਿੰਘ, ਕਾਰਜਕਾਰੀ ਇੰਜੀਨਿਅਰ ਸ਼੍ਰੀ ਕੁਲਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।