ਮੇਰੀ ਰਸੋਈ ਯੋਜਨਾ ਤਹਿਤ 4.50 ਲੱਖ ਫੂਡ ਕਿੱਟਾਂ ਵੰਡੀਆਂ

38

ਚੰਡੀਗੜ੍ਹ: 02 June 2026 AJ DI Awaaj

Chandigarh Desk : ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਲਾਭਪਾਤਰੀਆਂ ਵਿੱਚ ਵੰਡੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗੀ ਮੀਟਿੰਗ ਦੌਰਾਨ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ। ਯੋਜਨਾ ਦੇ ਤਹਿਤ ਪੰਜਾਬ ਦੇ ਕਰੀਬ 40 ਲੱਖ ਗਰੀਬ ਪਰਿਵਾਰਾਂ ਨੂੰ ਫੂਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਖਾਦ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਹਰ ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਕੀਤਾ ਗਿਆ ਹੈ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਮਿਲ ਰਹੀ ਕਣਕ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਹਰ ਰੋਜ਼ ਲਗਭਗ 50 ਹਜ਼ਾਰ ਫੂਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਸਿੱਧਾ ਫਾਇਦਾ ਮਿਲ ਰਿਹਾ ਹੈ।

ਮੀਟਿੰਗ ਦੌਰਾਨ ਲਾਲ ਚੰਦ ਕਟਾਰੂਚੱਕ ਨੇ ਹਾਲ ਹੀ ਵਿੱਚ ਮੁਕੰਮਲ ਹੋਏ ਕਣਕ ਖਰੀਦ ਸੀਜ਼ਨ ਦੀ ਸਫਲਤਾ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਿਹਤਰ ਬੁਨਿਆਦੀ ਢਾਂਚੇ ਅਤੇ ਸੁਚਾਰੂ ਪ੍ਰਬੰਧਾਂ ਕਾਰਨ ਖਰੀਦ ਪ੍ਰਕਿਰਿਆ ਸਫਲਤਾਪੂਰਵਕ ਸੰਪੰਨ ਹੋਈ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਲਈ ਅਗਾਊਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ।