ਬਰਨਾਲਾ, 3 ਨਵੰਬਰ 2025 AJ DI Awaaj
Punjab Desk : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਨਾਗਰਿਕਾਂ ਨੂੰ ਸੁਚੱਜਾ, ਪਾਰਦਰਸ਼ੀ ਅਤੇ ਬਿਨਾ ਰੁਕਾਵਟ ਸੇਵਾਵਾਂ ਦੇਣ ਲਈ ਹਰ ਸੰਭਵ ਕਦਮ ਚੁਕਿਆ ਜਾ ਰਿਹਾ ਹੈ। ਜਿਸ ਤਹਿਤ ਲੋਕਾਂ ਨੂੰ ਹੁਣ ਆਰ ਟੀ ੳ ਦਫ਼ਤਰ ਨਾਲ ਸਬੰਧਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਫੇਸਲੈਸ ਆਰ ਟੀ ਓ ਸੇਵਾਵਾਂ ਸ਼ੁਰੂ ਕੀਤੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾਵਾਸੀ ਹੁਣ ਸੇਵਾ ਕੇਂਦਰਾਂ ਰਾਹੀਂ ਜਾਂ ਟੋਲ-ਫ਼ਰੀ 1076 ‘ਤੇ ਸੰਪਰਕ ਕਰਕੇ ਟਰਾਂਸਪੋਰਟ ਵਿਭਾਗ ਦੇ ਆਪਣੇ ਕੰਮ ਕਰਵਾ ਸਕਦੇ ਹਨ। ਇਸ ਨਾਲ ਜਿਥੇ ਆਮ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿਚ ਖ਼ੱਜਲ ਖੁਆਰੀ ਘਟੇਗੀ ਉਥੇ ਉਹ ਘਰ ਬੈਠੇ ਹੀ ਆਪਣੇ ਮੋਬਾਇਲ ‘ਤੇ ਆਨਲਾਇਨ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ।














