ਕੌਮੀ ਲੋਕ ਅਦਾਲਤ 10 ਮਈ 

1

  ਅੱਜ ਦੀ ਆਵਾਜ਼ | 30 ਅਪ੍ਰੈਲ 2025                                                                                      ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

       ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਮਈ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ, ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ। ਜ਼ਿਲ੍ਹਾ ਮਾਨਸਾ ਵਿਖੇ 10 ਮਈ 2025 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਮਿਸ. ਰਾਜਵਿੰਦਰ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

          ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

          ਇਸ ਲੋਕ ਅਦਾਲਤ ਵਿੱਚ ਇਕ ਦਰਖਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਨੈਸ਼ਨਲ ਟੋਲ ਫ੍ਰੀ ਹੈਲਪ ਲਾਈਨ ਨੰ. 15100 ਤੇ ਕਾਲ ਕਰ ਸਕਦਾ ਹੈ।