ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਤਿੰਨ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

88
ਗੁਰਦਾਸਪੁਰ, 22 ਮਈ 2025 AJ DI Awaaj
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਤਿੰਨ ਸਰਕਾਰੀ ਸਕੂਲਾਂ ਵਿਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਠਿਆਲੀ, ਸਰਕਾਰੀ ਪ੍ਰਾਇਮਰੀ ਸਕੂਲ ਹੰਬੋਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਘੋੜੇਵਾਹ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਸਾਇੰਸ ਤੇ ਕੰਪਿਊਟਰ ਲੈਬਾਂ, ਲਾਇਬ੍ਰੇਰੀਆਂ ਬਣਾਉਣ ਤੋਂ ਇਲਾਵਾ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿੱਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਸਿੱਖਿਆ ਵਿਵਸਥਾ ਨੂੰ ਮਜ਼ਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਜ ਦੇ ਸਮੇਂ ਦੇ ਹਿਸਾਬ ਨਾਲ ਬਿਹਤਰੀਨ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ।