ਆਪ ਨੇ ਸੈਮੀਫਾਈਨਲ ਜਿੱਤਿਆ, ਹੁਣ ਫਾਈਨਲ ਦੀ ਤਿਆਰੀ: ਸ਼ੈਰੀ ਕਲਸੀ

49

ਬਟਾਲਾ , 23 ਜੂਨ 2025 Aj Di Awaaj

Punjab Desk : ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਵਿੱਚ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ ਅਤੇ ਹੁਣ ਪਾਰਟੀ ਨੇ ਫਾਈਨਲ ਦੀ ਤਿਆਰੀ ਖਿੱਚ ਦਿੱਤੀ ਹੈ। ਇਹ ਪ੍ਰਗਟਾਵਾ ਆਪ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੁਧਿਆਣਾ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਹੋਈ ਜਿੱਤ ਉਪਰੰਤ ਗੱਲਬਾਤ ਕਰਦਿਆਂ ਕੀਤਾ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਉੱਤੇ ਲੁਧਿਆਣਾ ਵੈਸਟ ਦੇ ਵੋਟਰਾਂ ਨੇ ਮੋਹਰ ਲਗਾਈ ਹੈ ਅਤੇ ਨਤੀਜਾ ਸਪੱਸ਼ਟ ਹੈ ਕਿ ਮਾਨ ਸਰਕਾਰ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ ਅਤੇ 2027 ਵਿੱਚ ਦੁਬਾਰਾ ਆਪ ਪਾਰਟੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਕਰੇਗੀ।

ਵਿਰੋਧੀ ਪਾਰਟੀਆਂ ‘ਤੇ ਤਿੱਖਾ ਤੰਜ ਕੱਸਦਿਆਂ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਮਾਨ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ ਅਤੇ ਵਿਰੋਧੀਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਅੱਗੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕੀਆਂ ਤੇ ਵਿਰੋਧੀ ਪਾਰਟੀਆਂ ਦੇ ਝੂਠੇ ਤੇ ਗੁੰਮਰਾਹ ਕੁੰਨ ਪਰਚਾਰ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ।

ਵਿਧਾਇਕ ਸ਼ੈਰੀ ਕਲਸੀ, ਜਿਨ੍ਹਾਂ ਨੂੰ ਪਾਰਟੀ ਨੇ ਲੁਧਿਆਣਾ ਵੈਸਟ ਚੋਣ ਵਿੱਚ ਜਿੰਮੇਵਾਰ ਦਿੱਤੀ ਸੀ ਅਤੇ ਉਨ੍ਹਾਂ ਨੇ ਸੰਜੀਵ ਅਰੋੜਾ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਵਲੋਂ ਰਵਾਇਤੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਪ ਪਾਰਟੀ ਨਾਲ ਜੋੜਨ ਵਿੱਚ ਅਹਿਮ ਰੋਲ ਨਿਭਾਇਆ ਗਿਆ, ਜੋ ਸੰਜੀਵ ਅਰੋੜਾ ਦੀ ਜਿੱਤ ਲਈ ਬਹੁਤ ਲਾਹੇਵੰਦ ਸਾਬਤ ਹੋਇਆ।

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਦੀ ਜਿਮਨੀ ਚੋਣ ਦੇ ਆਏ ਨਤੀਜੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਪਾਲ ਅਟਾਲੀਆ ਜੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ, ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕਰਦਿਆਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਕੀਤੇ ਕੰਮਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਅਗਲੇ ਸਮੇਂ ਦੌਰਾਨ ਮਾਨ ਸਰਕਾਰ ਹੋਰ ਤੇਜ਼ੀ ਨਾਲ ਸੂਬੇ ਅੰਦਰ ਵਿਕਾਸ ਕਾਰਜ ਕਰੇਗੀ।

 ਦੱਸ ਦਈਏ ਕੇ ਆਪ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ 10637  ਵੋਟਾਂ ਦੀ ਲੀਡ ਨਾਲ ਜੇਤੂ ਰਹੇ ਹਨ। ਕਾਂਗਰਸ ਪਾਰਟੀ ਦੂਜੇ ਨੰਬਰ, ਤੀਜੇ ਸਥਾਨ ਤੇ ਭਾਜਪਾ ਤੇ ਚੌਥੇ ਨੰਬਰ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਰਹੀ ਹੈ।