ਬਟਾਲਾ, 24 ਜੂਨ 2025 AJ Di Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਉਹ ਯਤਨਸ਼ੀਲ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।
