ਚੰਡੀਗੜ੍ਹ 10 July 2025 Aj DI Awaaj
Punjab Desk : ਪੰਜਾਬ ‘ਚ ਲਗਾਤਾਰ ਭਾਰੀ ਮੀਂਹ ਕਾਰਨ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਿਹਾ ਹੈ। ਡੇਰਾਬੱਸੀ ਦੇ ਮੁਬਾਰਕਪੁਰ ਨੇੜੇ ਹਾਲਾਤ ਸਭ ਤੋਂ ਜ਼ਿਆਦਾ ਨਾਜ਼ੁਕ ਹਨ ਜਿਥੇ ਪਾਣੀ ਸੜਕਾਂ ਉੱਤੇ ਚੱਲ ਰਿਹਾ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ।
ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋਕਾਂ ਲਈ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ, ਜਿਸ ‘ਚ ਉਨ੍ਹਾਂ ਨੂੰ ਘੱਗਰ ਦਰਿਆ ਨੇੜਲੇ ਪੁਲਾਂ ਦੀ ਵਰਤੋਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਮੁਬਾਰਕਪੁਰ ਪੁਲ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਜੋ ਕੋਈ ਹਾਦਸਾ ਨਾ ਵਾਪਰੇ।
ਡੇਰਾਬੱਸੀ ਥਾਣਾ ਇੰਚਾਰਜ ਸੁਮਿਤ ਮੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਤੋਂ ਹੀ ਪੁਲ ‘ਤੇ ਪਾਣੀ ਚੜ੍ਹ ਗਿਆ ਸੀ, ਜਿਸ ਮਗਰੋਂ ਤੁਰੰਤ ਪੁਲਿਸ ਫੋਰਸ ਨੂੰ ਐਲਰਟ ‘ਤੇ ਰੱਖਿਆ ਗਿਆ। ਨੇੜਲੇ ਰਿਹਾਇਸ਼ੀ ਇਲਾਕਿਆਂ ਅਤੇ ਦੁਕਾਨਾਂ ਨੂੰ ਵੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਤੱਕ ਭਾਰੀ ਮੀਂਹ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਹੜ੍ਹਾਂ ਦਾ ਖਤਰਾ ਹੋਰ ਵਧ ਸਕਦਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਅਣਜਰੂਰੀ ਯਾਤਰਾ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।














