ਫ਼ਰੀਦਕੋਟ 28 ਜੁਲਾਈ 2025 AJ Di Awaaj
Punjab Desk :ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕਹਿਰ ਤੋਂ ਬਚਾਉਣ ਅਤੇ ਸਿਹਤਮੰਦ ਪੰਜਾਬ ਦੀ ਨਿਰਮਾਣ ਵੱਲ ਵਧਦੇ ਹੋਏ ਕਦਮਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਵਿਧਾਨ ਸਭਾ ਹਲਕਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ‘ਆਪ’ ਯੂਥ ਕੋਆਰਡੀਨੇਟਰਾਂ ਨਾਲ ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਨਸ਼ਾ ਮੁਕਤੀ ਲਈ ਚਲ ਰਹੀਆਂ ਸਰਕਾਰੀ ਕੋਸ਼ਿਸ਼ਾਂ, ਪੁਲਿਸ ਕਾਰਵਾਈਆਂ ਅਤੇ ਯੂਥ ਦੀ ਭੂਮਿਕਾ ‘ਤੇ ਗਹਿਰਾਈ ਨਾਲ ਵਿਚਾਰ-ਚਰਚਾ ਕੀਤੀ ਗਈ।
ਸੁਖਵੰਤ ਸਿੰਘ ਪੱਕਾ ਨੇ ਮੀਟਿੰਗ ਦੌਰਾਨ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਢਿੱਲ ਨਾ ਕਰਦਿਆਂ ਨਿਰੰਤਰ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਸਿੱਧੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਨਸ਼ਾ ਸੇਵਨ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਸਧਾਰੀ ਜਾ ਸਕੇ। ਉਹਨਾਂ ਦੱਸਿਆਂ ਕਿ ਨਸ਼ੇੜਿਆਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਵੱਲੋਂ ਵੱਡੇ ਤਸਕਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਕੇਂਦਰੀ ਹੈ। ਯੂਥ ਟੀਮਾਂ ਵੱਲੋਂ ਪਿੰਡਾਂ, ਸ਼ਹਿਰਾਂ, ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਹਰ ਪਿੰਡ ਵਿੱਚ ਨਸ਼ਾ ਵਿਰੋਧੀ ਯੂਥ ਟੀਮ ਬਣਾਈ ਜਾ ਰਹੀ ਹੈ।
ਇਸ ਮੌਕੇ ਹਲਕਾ ਫਰੀਦਕੋਟ ਤੋਂ ਕੋਆਰਡੀਨੇਟਰ ਗੁਰਜਿੰਦਰ ਸਿੰਘ ਪੱਕਾ, ਕੋਟਕਪੂਰਾ ਤੋਂ ਜਗਮੋਹਨ ਸਿੰਘ ਲੱਕੀ ਅਤੇ ਜੈਤੋ ਤੋਂ ਰੁਪਿੰਦਰ ਸਿੰਘ ਸਮੇਤ ਕਈ ਹੋਰ ਨੌਜਵਾਨ ਆਗੂ ਮੌਜੂਦ ਸਨ।
