ਨਸ਼ਿਆਂ ਖਿਲਾਫ਼ ਵਿੱਢੀ ਜੰਗ ਨੂੰ ਲੋਕਾਂ ਦੇ ਸਹਿਯੋਗ ਨਾਲ ਅੰਜ਼ਾਮ ਤੱਕ

46

ਫ਼ਿਰੋਜ਼ਪੁਰ, 6 ਅਗਸਤ 2025 Aj Di Awaaj

Punjab Desk : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰੀ ਹਲਕੇ ਵਿਚ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਸ਼ਿਰਕਤ ਕੀਤੀ ਅਤੇ ਵਾਰਡ ਨੰ:15, 25, 28, 30 ਤੋਂ 33 ਦੇ ਵਸਨੀਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਜੰਗ ਨੂੰ ਲੋਕਾਂ ਦੇ ਸਹਿਯੋਗ ਨਾਲ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਕਮਜ਼ੋਰ ਕਰਦਾ ਹੈ, ਸਗੋਂ ਉਸ ਨੂੰ ਪਰਿਵਾਰ ਅਤੇ ਸਮਾਜ ਨਾਲੋਂ ਵੀ ਤੋੜਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਕੇ  ਸਨਮਾਨ ਨਾਲ ਜੀਵਨ ਬਤੀਤ ਕਰ ਸਕਣ।

 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਨਾ ਸਿਰਫ਼ ਪ੍ਰਸ਼ਾਸਨਿਕ ਕਾਰਵਾਈ ਨਾਲ, ਸਗੋਂ ਸਮਾਜਿਕ ਜਾਗਰੂਕਤਾ ਅਤੇ ਸਮੂਹਿਕ ਯਤਨਾਂ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਦਲੇਰ ਸਿੰਘ (ਵਾਈਸ ਕੋਆਰਡੀਨੇਟਰ), ਸਲਵਿੰਦਰ ਸਿੰਘ (ਐਮ.ਸੀ.) ਵਾਰਡ ਨੰ:32, ਰਜਨੀਸ਼ ਸ਼ਰਮਾ, ਹਿਮਾਂਸ਼ੂ ਠੱਕਰ, ਅੰਗਰੇਜ ਸਿੰਘ, ਨਰਿੰਦਰ ਗਰੋਵਰ, ਸੁਖਵਿੰਦਰ ਸਿੰਘ ਜੋਸਨ, ਕੁਲਦੀਪ ਸਿੰਘ, ਬਲਦੇਵ ਸਿੰਘ ਮੱਲ੍ਹੀ, ਰਣਜੀਤ ਸਿੰਘ, ਗੁਰਮੇਜ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ ਅਤੇ ਸਾਹਿਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਸਾਰਿਆਂ ਨੇ ਪੰਜਾਬ ਸਰਕਾਰ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਸੰਕਲਪ ਲਿਆ ਕਿ ਉਹ ਆਪਣੇ ਇਲਾਕੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨਗੇ।