ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ

34

ਗੁਰਦਾਸਪੁਰ, 12 ਅਗਸਤ 2025 AJ DI Awaaj

Punjab Desk – ਪੰਜਾਬ ਸਰਕਾਰ ਨੇ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਕਰਜ਼ਾ ਮੁਆਫ਼ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ, ਜਿਸ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਸਨ।

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ  ਦਫ਼ਤਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਮੁਆਫ਼ ਕੀਤੇ ਗਏ ਕਰਜ਼ੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਮੌਕੇ ਕੀਤਾ। ਐਡਵੋਕੇਟ ਸ. ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਮੁਆਫ਼ ਕੀਤੇ ਗਏ ਕਰਜ਼ਿਆਂ ਦਾ ਜ਼ਿਲ੍ਹਾ ਗੁਰਦਾਸਪੁਰ ਦੇ 321 ਪਰਿਵਾਰਾਂ ਨੂੰ ਲਾਭ ਮਿਲਿਆ ਹੈ ਅਤੇ ਜ਼ਿਲ੍ਹੇ ਦੇ ਇਨ੍ਹਾਂ ਪਰਿਵਾਰਾਂ ਦਾ 4.45 ਕਰੋੜ ਰੁਪਏ ਕਰਜ਼ਾ ਮੁਆਫ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਰਜ਼ਾ ਮੁਕਤੀ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ 40 ਪਰਿਵਾਰਾਂ ਦਾ 55.52 ਲੱਖ ਰੁਪਏ ਕਰਜ਼ਾ ਮੁਆਫ਼ ਹੋਇਆ ਹੈ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਗ਼ਰੀਬ ਪਰਿਵਾਰਾਂ ਦੇ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਸਨ ਅਤੇ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਪਿਛਲੀਆਂ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਸਰਕਾਰਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫ਼ੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜ਼ਿਕਰ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜ਼ੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜ਼ੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਐਡਵੋਕੇਟ ਸੇਖਵਾਂ ਨੇ ਕਿਹਾ ਕਿ ਇਹ ਕਰਜ਼ਾ ਮੁਆਫ਼ੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

ਕਰਜ਼ਾ ਮੁਕਤੀ ਸਰਟੀਫਿਕੇਟ ਲੈਣ ਮੌਕੇ ਅਨਸੂਚਿਤ ਜਾਤੀ ਦੇ ਪਰਿਵਾਰਾਂ ਨੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ।  ਇਸ ਮੌਕੇ ਜ਼ਿਲ੍ਹਾ ਸਮਾਜਿਕ ‌ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ ਤੇ ਹੋਰ ਸਟਾਫ਼ ਵੀ ਹਾਜ਼ਰ ਸੀ।