ਫਾਜ਼ਿਲਕਾ 21 ਅਗਸਤ 2025 AJ DI Awaaj
Punjab Desk : ਫਾਜ਼ਿਲਕਾ ਜ਼ਿਲ੍ਹੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਨ ਜਾਗਰੂਕਤਾ ਨੂੰ ਹੋਰ ਤੇਜ਼ ਕਰਨ ਦੀ ਮੁਹਿੰਮਾਂ ਸਬੰਧੀ ਚਰਚਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਦੀਪ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਇੱਕ ਬੈਠਕ ਹੋਈ।
ਬੈਠਕ ਦੌਰਾਨ ਉਨਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ੇ ਤੋਂ ਪੀੜਤਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਲੈ ਕੇ ਆਉਣ ਲਈ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਜਾਵੇ। ਉਨਾਂ ਨੇ ਹਦਾਇਤ ਕੀਤੀ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਕੰਧ ਚਿੱਤਰਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਇਸੇ ਤਰਾਂ ਉਹਨਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਜਿਵੇਂ ਕਿ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਤੁੰਬਾਕੂ ਪਦਾਰਥਾਂ ਦੀ ਵਿਕਰੀ ਨੂੰ ਸਖਤੀ ਨਾਲ ਰੋਕਿਆ ਜਾਵੇ । ਉਨਾਂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਾਰੇ ਵਿਭਾਗ ਤਨਦੇਹੀ ਨਾਲ ਕੰਮ ਕਰਨ।
ਜਿਲਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ ਨੇ ਕਿਹਾ ਕਿ ਇਸ ਤਹਿਤ ਵੱਖ-ਵੱਖ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਜਾਵੇਗੀ। ਡੀਐਸਪੀ ਰਾਕੇਸ਼ ਸ਼ਰਮਾ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪ੍ਰੋਜੈਕਟ ਆਸ ਦੇ ਤਹਿਤ ਨੌਜਵਾਨਾਂ ਨੂੰ ਨਸ਼ਾ ਮੁਕਤੀ ਕੇਂਦਰ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਨਤੀਜੇ ਨਿਕਲੇ ਹਨ।
ਬੈਠਕ ਵਿੱਚ ਹੋਰਨਾਂ ਤੋਂ ਇਲਾਵਾ ਸਿਵਿਲ ਸਰਜਨ ਰਾਜਕੁਮਾਰ, ਡੀਪੀਓ ਨਵਦੀਪ ਕੌਰ, ਸਿੱਖਿਆ ਵਿਭਾਗ ਦੇ ਨੋਡਲ ਅਫਸਰ ਵਿਜੇ ਕੁਮਾਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਨੀਰਜ ਕੁਮਾਰ,,ਰੋਜ਼ਗਾਰ ਵਿਭਾਗ ਤੋਂ ਗੌਰਵ ਕੁਮਾਰ ਅਤੇ ਮੀਨਾਕਸ਼ੀ ਵੀ ਹਾਜ਼ਰ ਸਨ।














