ਸ਼੍ਰੀ ਰਾਹੁਲ ਚਾਬਾ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

39
ਸੰਗਰੂਰ, 22 ਅਗਸਤ 2025 AJ DI Awaaj

Punjab Desk : ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਬਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਹਨਾਂ ਨੂੰ ਇਸ ਇਤਿਹਾਸਕ ਜ਼ਿਲ੍ਹੇ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।

ਆਪਣੇ ਕਾਰਜਕਾਲ ਦੌਰਾਨ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਹੋਰ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਉਹਨਾਂ ਦਾ ਇਹ ਯਤਨ ਰਹੇਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕ ਕਿਸੇ ਵੀ ਕਾਰਨ ਨਿਰਾਸ਼ ਨਾ ਪਰਤਣ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਖੇਤੀਬਾੜੀ ਨਾਲ ਸਬੰਧਤ ਦਿੱਕਤਾਂ ਦੂਰ ਕਰਨ ਨੂੰ ਪਹਿਲ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀਆਂ ਸੜਕਾਂ ਤੇ ਸਾਫ਼ ਸਫ਼ਾਈ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ।

ਸ਼੍ਰੀ ਚਾਬਾ ਨੇ ਬਤੌਰ ਪੀ.ਸੀ.ਐੱਸ. ਅਧਿਕਾਰੀ ਆਪਣੇ ਕਰੀਅਰ ਦੀ ਸ਼ੁਰੂਆਤ ਪੀ.ਜੀ.ਓ., ਹੁਸ਼ਿਆਰਪੁਰ ਵਜੋਂ ਕੀਤੀ ਸੀ, ਉਪਰੰਤ ਉਹਨਾਂ ਨੇ ਐੱਸ.ਡੀ.ਐਮ. ਬਟਾਲਾ, ਏ.ਡੀ.ਸੀ. ਬਠਿੰਡਾ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ ਵਿਖੇ ਸੇਵਾਵਾਂ ਨਿਭਾਈਆਂ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਹਨਾਂ ਨੇ ਸੁਲਤਾਨਪੁਰ ਲੋਧੀ ਵਿਖੇ ਬਤੌਰ ਏ.ਸੀ.ਈ.ਓ., ਫੀਲਡ ਵਿਚਲੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਨਿਭਾਈ। ਸੰਗਰੂਰ ਵਿਖੇ ਤਬਾਦਲਾ ਹੋਣ ਤੋਂ ਪਹਿਲਾਂ ਉਹ ਬਤੌਰ ਏ.ਸੀ.ਈ.ਓ. ਇਨਵੈਸਟ ਪੰਜਾਬ ਅਤੇ ਐਮ.ਡੀ. ਪੰਜਾਬ ਇਨਫੋਟੈਕ, ਸੇਵਾਵਾਂ ਨਿਭਾਅ ਰਹੇ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ ‘ਤੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ, ਸਮੂਹ ਐੱਸ.ਡੀ.ਐਮਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।