ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

36

ਹੁਸ਼ਿਆਰਪੁਰ, 23 ਅਗਸਤ 2025 AJ DI Awaaj

Punjab Desk : ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ।
ਇਸ ਸਬੰਧੀ ਚਿਤਾਵਨੀ ਦਿੰਦਿਆਂ ਅੱਜ  ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੀ ਧਿਆਨ ਵਿਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰ-ਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਐਸ ਡੀ ਐਮਜ਼ ਅਤੇ ਪੁਲਿਸ ਦੀਆਂ ਸਾਝੀਆਂ ਟੀਮਾਂ ਬਣਾਈਆਂ ਜਾਣਗੀਆਂ, ਜੋ ਕਿ ਸਬ-ਡਵੀਜਨਾਂ ਵਿਚ ਅਚਨਚੇਤ ਨਿਰੀਖਣ ਕਰ ਕੇ ਇਨ੍ਹਾਂ ਗਤੀਵਿਧੀਆਂ ਨੂੰ ਰੋਕਣ ਦੇ ਉਪਰਾਲੇ ਕਰਨਗੀਆਂ। ਜੇਕਰ ਕੋਈ ਅਣਅਧਿਕਾਰਤ ਵਿਅਕਤੀ ਗ਼ੈਰਕਾਨੂੰਨੀ ਢੰਗ ਨਾਲ ਡਾਟਾ ਇਕੱਤਰ ਕਰਦਾ ਹੈ ਤਾਂ ਉਸ ਵਿਰਧ ਸਖ਼ਤ ਕਾਰਵਾਈ ਕੀਤੀ ਜਾਵੇਗੀ
ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਉਨ੍ਹਾਂ ਦੀ ਜਾਣਕਾਰੀ ਦੀ ਕਿਸੇ ਵੀ ਪੜਾਅ ‘ਤੇ ਦੁਰਵਰਤੋਂ ਹੋ ਸਕਦੀ ਹੈ। ਉਨ੍ਹਾਂ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ।