ਮਾਨਸਾ, 26 ਅਗਸਤ 2025 AJ DI Awaaj
Punjab Desk : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜ਼ਾਤ ਮਿਲੀ ਹੈ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਬ ਤਹਿਸੀਲ ਜੋਗਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ‘ਈਜ਼ੀ ਰਜਿਸਟਰੀ’ ਪ੍ਰਣਾਲੀ ਰਾਹੀਂ ਸੇਵਾਵਾਂ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਸੁਚਾਰੂ, ਨਿਰਵਿਘਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਉਦੇਸ਼ ਲੋਕਾਂ ਨੂੰ ਬੇਲੋੜੀਆਂ ਪ੍ਰੇਸ਼ਾਨੀਆਂ ਤੋਂ ਮੁਕਤ ਕਰਨਾ ਹੈ। ਇਸ ਨਾਲ ਲੁਕਵੇਂ ਖ਼ਰਚੇ ਖ਼ਤਮ ਹੋਏ ਹਨ ਅਤੇ ਵਿਚੋਲਿਆਂ ‘ਤੇ ਨਿਰਭਰਤਾ ਘਟਦੀ ਹੈ। ਉਨਾਂ ਜ਼ਿਲ੍ਹੇ ਦੇ ਨਾਗਰਿਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸਦੀ ਜਾਣਕਾਰੀ ਜਰੂਰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨਾਲ ਜਿੱਥੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਹੁਤ ਬੱਚਤ ਹੋ ਰਹੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਈ.ਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਗੁਰਲੀਨ ਕੌਰ ਆਈ.ਏ.ਐਸ. ਤੋਂ ਇਲਾਵਾ ਸਬ ਤਹਿਸੀਲ ਜੋਗਾ ਵਿਖੇ ਤਾਇਨਾਤ ਵੱਖ ਵੱਖ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
