ਸੜਕ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਜ਼ਰੂਰੀ

104

ਫਰੀਦਕੋਟ, 28 ਅਗਸਤ 2025 Aj DI Awaaj

Punjab Desk – ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਉਪਰਾਲਿਆਂ ‘ਤੇ ਚਰਚਾ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਨੇ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ ਅਤੇ ਓਵਰਲੋਡ ਵਾਹਨਾਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਚਲਾਨ ਕੱਟਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਵੀ ਹਦਾਇਤ ਕੀਤੀ।

ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸੇਫ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਸਕੂਲ ਵਾਹਨਾਂ ਦੀ ਨਿਯਮਿਤ ਚੈਕਿੰਗ ਹੋਵੇ ਅਤੇ ਡਰਾਈਵਰਾਂ ਦੀ ਸਿਹਤ ਜਾਂਚ ਲਗਾਤਾਰ ਕਰਵਾਈ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋ ਪਹੀਆ ਵਾਹਨਾਂ ਲਈ ਹੈਲਮਟ ਅਤੇ ਚਾਰ ਪਹੀਆ ਵਾਹਨਾਂ ਲਈ ਸੀਟ ਬੈਲਟ ਲਗਾਉਣਾ ਲਾਜ਼ਮੀ ਹੈ। ਛੋਟੇ-ਛੋਟੇ ਨਿਯਮਾਂ ਦੀ ਪਾਲਣਾ ਕਰਕੇ ਗੰਭੀਰ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਟ੍ਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਹਰ ਕਿਸੇ ਲਈ ਲਾਜ਼ਮੀ ਹੈ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਉੱਪ ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਡੀ.ਆਈ.ਓ ਸ. ਗੁਰਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।