ਖੋਜਕੀਪੁਰ ‘ਚ ਜਾਗਰੂਕਤਾ ਕੈਂਪ, ਪਰਾਲੀ ਸਾੜਨ ਨਾਲ ਤੱਤਾਂ ਦੀ ਘਾਟ

27

ਤਰਨ ਤਾਰਨ, 17 ਸਤੰਬਰ 2025 AJ Di Awaaj

Punjab Desk : ਡਾਇਰੈਕਟਰ ਖੇਤੀਬਾੜੀ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਸਹਿਕਾਰੀ ਸਭਾ ਦੇ ਸਹਿਯੋਗ ਨਾਲ ਪਿੰਡ ਖੋਜਕੀਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਜਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ  ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਤੇ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਡਾ: ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਲਗਾਇਆ ਗਿਆ।

ਉਹਨਾਂ ਕਿਹਾ ਕਿ  ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂੰਏ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜਿੰਨਾ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ, ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ, ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ । ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ ,ਫਾਸਫੋਰਸ , ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । ਦਸ ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।

ਇਸ ਮੌਕੇ ਡਾ. ਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਝੋਨੇ ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ। ਇਹ ਕੈਂਪ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਅਤੇ ਸਹਾਇਕ ਰਜਿਸਟਰਾਰ ਮਨਜਿੰਦਰ ਸਿੰਘ ਦੁਆਰਾ ਦਿੱਤੇ ਸਹਿਯੋਗ ਸਦਕਾ ਸੰਪੂਰਨ ਹੋਇਆ।

ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾ ਦੇ ਸੈਕਟਰੀ ਹਰਦੀਪ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਅਤੇ ਸੜਕੀ ਹਾਦਸੇ ਵਾਪਰਦੇ ਹਨ । ਇਸ ਮੌਕੇ ਤੇ ਹਰਦੀਪ ਸਿੰਘ ਸੈਕਟਰੀ, ਸ: ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਜਤਿੰਦਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਵੇਲ ਸਿੰਘ ,ਸਤਨਾਮ ਸਿੰਘ ਪ੍ਰਧਾਨ, ਦੇਸਾ ਸਿੰਘ, ਸ਼ਮਸ਼ੇਰ ਸਿੰਘ, ਸਰਬਜੀਤ ਸਿੰਘ , ਗੁਰਵਿੰਦਰ ਸਿੰਘ, ਲਵਰਾਜਦੀਪ ਸਿੰਘ , ਅਜੀਤ ਸਿੰਘ, ਰਾਜਬੀਰ ਸਿੰਘ, ਗੰਗਾ ਸਿੰਘ,ਅਤੇ ਪਿੰਡ ਦੇ ਅਗਾਂਹ ਵਧੂ ਕਿਸਾਨ ਹਾਜ਼ਰ ਸਨ ।