ਕੋਟਕਪੂਰਾ, 19 ਸਤੰਬਰ 2025 AJ DI Awaaj
Punjab Desk : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਦੀ ਗਿਣਤੀ ਵਿੱਚ ਪਹੁੰਚੇ ਹਲਕੇ ਦੇ ਲੋਕਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਉਨ੍ਹਾਂ ਨੇ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰ ਤੇ ਲੋਕਾਂ ਦਰਮਿਆਨ ਸਿੱਧੀ ਗੱਲਬਾਤ ਮੁਹੱਈਆ ਕਰਵਾਉਣਾ ਹੈ। ਸਪੀਕਰ ਸ. ਸੰਧਵਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲੋਕਾਂ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।
ਸਪੀਕਰ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਖੇਤਰ ਦੀਆਂ ਸੜਕਾਂ, ਪੀਣ ਯੋਗ ਪਾਣੀ, ਬਿਜਲੀ ਸਪਲਾਈ, ਸਿੱਖਿਆ ਤੇ ਸਿਹਤ ਸੰਬੰਧੀ ਸਹੂਲਤਾਂ ਵਿੱਚ ਹੋਰ ਸੁਧਾਰ ਲਿਆਂਦੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਉਹ ਖ਼ੁਦ ਨਿਗਰਾਨੀ ਕਰਦੇ ਰਹਿੰਦੇ ਹਨ।
ਇਸ ਤੋਂ ਇਲਾਵਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਹਲਕੇ ਦੇ ਕਈ ਪਿੰਡਾਂ ਵਿੱਚ ਸੁਖ-ਦੁੱਖ ਦੇ ਸਮਾਗਮਾਂ ਵਿੱਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਭੋਗ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਮਰਗ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰਾਂ ਨੂੰ ਦੁੱਖ ਦੀ ਘੜੀ ਵਿੱਚ ਤਾਕਤ ਪ੍ਰਦਾਨ ਕਰੇ। ਇਸੇ ਤਰ੍ਹਾਂ ਖੁਸ਼ੀ ਦੇ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਪਰਿਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਸਪੀਕਰ ਨੇ ਕਿਹਾ ਕਿ ਉਹ ਹਮੇਸ਼ਾਂ ਹਲਕੇ ਦੇ ਲੋਕਾਂ ਦੇ ਨਾਲ ਸੁਖ-ਦੁੱਖ ਵਿੱਚ ਖੜ੍ਹੇ ਹਨ।














