ਪਰਾਲੀ ਪ੍ਰਬੰਧਨ ਅਤੇ ਸਵੱਛਤਾ ਅਭਿਆਨ ਸਬੰਧੀ ਜਾਗਰੂਕਤਾ ਸੈਮੀਨਾਰ

35

ਮਸਤੂਆਣਾ ਸਾਹਿਬ, 20 ਸਤੰਬਰ 2025 AJ DI Awaaj

Punjab Desk : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਗੁਰਸਾਗਰ ਮਸਤੂਆਣਾ ਸਾਹਿਬ ਕਾਲਜ ਦੇ ਆਰਟਸ ਵਿਸ਼ੇ ਦੇ ਵਿਦਿਆਰਥੀਆਂ ਲਈ ਪਰਾਲੀ ਪ੍ਰਬੰਧਨ ਅਤੇ ਸਵੱਛਤਾ ਅਭਿਆਨ ਸੰਬੰਧੀ ਇੱਕ-ਰੋਜ਼ਾ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ 45 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਸੈਮੀਨਾਰ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਉਦੇਸ਼ਾਂ ਅਤੇ ਕਿਸਾਨਾਂ ਦੀ ਭਲਾਈ ਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਵੀ ਸੁਚੇਤ ਕੀਤਾ ਅਤੇ ਪਰਾਲੀ ਨੂੰ ਨਾ ਸਾੜਨ ਦਾ ਸੁਨੇਹਾ ਕਿਸਾਨਾਂ ਨਾਲ ਸਾਂਝਾ ਕਰਨ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਉਹਨਾਂ ਪੀਏਯੂ ਵੱਲੋਂ ਸਤੰਬਰ ਮਹੀਨੇ ਦੌਰਾਨ ਲਗਾਏ ਜਾਣ ਵਾਲੇ ਕਿਸਾਨ ਮੇਲਿਆਂ ਬਾਰੇ ਵੀ ਦੱਸਿਆ। ਉਨ੍ਹਾਂ ਨੇ ਪੇਂਡੂ ਖੇਤਰ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੀਏਯੂ ਦੇ ਖੇਤੀ ਸਾਹਿਤ ਨੂੰ ਪੜ੍ਹਨ ਅਤੇ ਖਰੀਦਣ ਲਈ ਵੀ ਪ੍ਰੇਰਿਤ ਕੀਤਾ।

ਡਾ ਜਯੋਤੀ, ਗ੍ਰਹਿ ਵਿਗਿਆਨ ਮਾਹਿਰ ਨੇ ਵਿਦਿਆਰਥੀਆਂ ਨੂੰ ਸਵੱਛਤਾ ਦਾ ਸੁਨੇਹਾ ਦਿੰਦੇ ਹੋਏ ਆਪਣੇ ਘਰ ਅਤੇ ਬਾਹਰ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਸਫ਼ਾਈ ਰੱਖਣ ਦੇ ਤਰੀਕਿਆਂ ਦੇ ਨਾਲ ਸਫ਼ਾਈ ਰੱਖਣ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵੀ ਜਾਣਕਾਰੀ ਦਿੱਤੀ।

ਡਾ ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਦੀਆਂ ਨਵੀਆਂ ਤਕਨੀਕਾਂ ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਪਰਾਲੀ ਅਧਾਰਿਤ ਬਾਇਓ ਗੈਸ ਪਲਾਂਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਪਰਾਲੀ ਪ੍ਰਬੰਧਨ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ।

ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਦੇ ਸਟਾਫ਼ ਨੇ ਕੇਵੀਕੇ, ਸੰਗਰੂਰ ਦੀ ਸਮੂਹ ਟੀਮ ਦਾ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ।