ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ

48

ਅਮਰਗੜ੍ਹ/ਮਾਲੇਰਕੋਟਲਾ, 20 ਸਤੰਬਰ 2025 AJ DI Awaaj

 

Punjab Desk : ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨਿਰੰਤਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਬ ਡਵੀਜਨ ਅਮਰਗੜ੍ਹ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਅਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਸੁਰਿੰਦਰ ਕੌਰ,ਤਹਿਸੀਲਦਾਰ ਲਵਲਪ੍ਰੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ,ਨੰਬਰਦਾਰ,ਸਰਪੰਚ ਅਤੇ ਹੋਰ ਮੋਹਤਬਾਰ ਵਿਅਕਤੀਆਂ ਵੀ ਮੌਜੂਦ ਸਨ। ਅਧਿਕਾਰੀਆਂ ਦੀ ਇਸ ਟੀਮ ਨੇ ਪਿੰਡ ਅਮਰਗੜ੍ਹ, ਝੂੰਦਾ, ਨੰਗਲ, ਮੁਹੰਮਦਪੁਰਾ, ਚੋਦਾ, ਹੁਸੈਨਪੁਰਾ, ਬਾਠਾ, ਬੁਰਜ ਬਘੇਲ ਸਿੰਘ ਵਾਲਾ, ਤੋਲੇਵਾਲ ਅਤੇ ਲਾਗੜੀਆਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ।

ਕਿਸਾਨਾਂ/ਪਿੰਡਾਂ ਨਿਵਾਸੀਆਂ ਨਾਲ ਗੱਲਬਾਤ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਮਿਲ ਕੇ ਪਰਾਲੀ ਪ੍ਰਬੰਧਨ ਨੂੰ ਸਫਲ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹਰ ਸੰਭਵ ਸਹਿਯੋਗ ਲਈ ਤਤਪਰ ਹੈ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਹ ਮਨੁੱਖੀ ਸਿਹਤ ਲਈ ਵੀ ਖ਼ਤਰਾ ਹੈ। ਇਸ ਕਾਰਨ ਧੂੰਏ ਕਾਰਨ ਦਮਾ, ਐਲਰਜੀ, ਅੱਖਾਂ ਦੀਆਂ ਬਿਮਾਰੀਆਂ ਅਤੇ ਦਿਲ ਦੀਆਂ ਸਮੱਸਿਆਵਾਂ ਵੱਧਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਲਰ, ਸੁਪਰ ਸੀਡਰ, ਚੋਪਰ, ਹੈਪੀ ਸੀਡਰ ਅਤੇ ਸੁਪਰ ਐਸ.ਐਮ.ਐਸ ਵਰਗੀ ਤਕਨੀਕੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਦੇ ਹੋਏ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ।ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਖ਼ੇਤਾਂ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਦੀ ਹੈ ਅਤੇ ਫਸਲਾਂ ਦੀ ਪੈਦਾਵਾਰ ਵਿੱਚ ਸੁਧਾਰ ਹੁੰਦਾ ਹੈ।

ਉਪ ਮੰਡਲ ਮੈਜਿਸਟ੍ਰੇਟ ਸੁਰਿੰਦਰ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਸਾੜਨਾ ਇਕ ਸਮਾਜਿਕ ਅਪਰਾਧ ਹੈ ਜੋ ਨਾ ਸਿਰਫ਼ ਵਾਤਾਵਰਣ ਨੂੰ ਪਲੀਤ ਕਰਦਾ ਹੈ, ਸਗੋਂ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਵੀ ਖਤਰੇ ਵਿੱਚ ਪਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਰਾਲੀ ਪ੍ਰਬੰਧਨ ਵਿੱਚ ਅੱਗੇ ਆਉਣ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਮਿਲ ਕੇ ਪਰਾਲੀ ਪ੍ਰਬੰਧਨ ਨੂੰ ਸਫਲ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹਰ ਸੰਭਵ ਸਹਿਯੋਗ ਲਈ ਤਤਪਰ ਹੈ।