ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਵੱਲੋਂ ਮੀਟਿੰਗ ਦੌਰਾਨ ਅਪੀਲ ਕੀਤੀ ਗਈ ਕਿ ਕਿਸਾਨ ਪੂਰੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕਰਨ ਅਤੇ ਕਟਾਈ ਤੋਂ ਬਾਅਦ ਰਹਿੰਦ-ਖੂਹੰਦ ਨੂੰ ਕਿਸੇ ਵੀ ਕੀਮਤ ‘ਤੇ ਖੇਤਾਂ ਵਿੱਚ ਅੱਗ ਨਾ ਲਗਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿਥੇ ਜ਼ਮੀਨ ਦੇ ਜ਼ਰੂਰੀ ਪੌਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਇਸ ਦੇ ਨਾਲ ਹੀ ਪ੍ਰਦੂਸ਼ਣ ਹੋਣ ਨਾਲ ਮਨੁੱਖਾਂ ਨੂੰ ਅਨੇਕਾਂ ਬਿਮਾਰੀਆਂ ਹੁੰਦੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਪਰਾਲੀ ਦਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪ੍ਰਬੰਧਨ ਕੀਤਾ ਜਾਵੇ ਤਾਂ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਉਨ੍ਹਾਂ ਦੇ ਅਸਲਾ ਲਾਇਸੰਸ ਰੱਦ ਕਰਨ ਦੀ ਵੀ ਯੋਜਨਾ ਉਲੀਕੀ ਗਈ ਹੈ।
ਇਸ ਮੀਟਿੰਗ ਦੌਰਾਨ ਉਹਨਾਂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਹਨਾਂ ਭਰੋਸਾ ਦੁਆਇਆ ਕਿ ਜਲਦ ਹੀ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਸਬੰਧੀ ਪਰਾਲੀ ਖਰੀਦਣ ਵਾਲੀ ਇੰਡਸਟਰੀਜ਼ ਦੇ ਮਾਲਕਾਂ ਅਤੇ ਬੇਲਰ ਮਾਲਕਾਂ ਨਾਲ ਗੱਲ਼ਬਾਤ ਕਰਕੇ ਮੁਸ਼ਕਿਲਾਂ ਦੇ ਹੱਲ ਲਈ ਹਰ ਸਾਰਥਿਕ ਯਤਨ ਕੀਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 30 ਨਵੰਬਰ 2025 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।
ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ । ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ ਦੇ ਆਗੂ ਅਤੇ ਨੁਮਾਇੰਦੇ ਮੌਜੂਦ ਸਨ।
