ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ

26

ਫ਼ਰੀਦਕੋਟ 30 ਸਤੰਬਰ  2025 AJ DI Awaaj

Punjab Desk : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਸਰਗਰਮ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜਿਲ੍ਹਾ ਫਰੀਦਕੋਟ ਦੇ  22 ਕਲੱਸਟਰਾਂ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ ਵਿੱਚ ਬਣਾਈਆਂ ਕਮੇਟੀਆਂ ਜਿਹਨਾਂ ਵਿੱਚ ਕਲੱਸਟਰ ਅਫਸਰ, ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ,  ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਸ਼ਾਮਿਲ ਹਨ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ  ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ ਜੋ ਲੋਕਾਂ ਦੀ ਸਿਹਤ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਵੇਂ ਕਿ ਸਬਸਿਡੀ ‘ਤੇ ਹੈਪੀ ਸੀਡਰ, ਸੁਪਰ ਐਸ.ਐਮ.ਐਸ. ਮਸ਼ੀਨਾਂ, ਜ਼ੀਰੋ ਟਿਲ ਸੀਡਰ ਆਦਿ ਜਿੰਨਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਦਾ ਪ੍ਰਬੰਧਨ ਕਰਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਕਰ ਪਰਾਲੀ ਪ੍ਰਬੰਧਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।