ਹੁਸ਼ਿਆਰਪੁਰ, 30 ਸਤੰਬਰ 2025 AJ DI Awaaj
Punjab Desk : ਪਿਛਲੇ ਸਾਲਾਂ ਦੀ ਤਰ੍ਹਾਂ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਵੱਖ-ਵੱਖ ਪਸਾਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਗੜ੍ਹਸ਼ੰਕਰ ਬਲਾਕ ਦੇ ਪਰਾਲੀ ਪ੍ਰਬੰਧਨ ਲਈ ਅਪਣਾਏ ਪਿੰਡ ਮੋਰਾਂਵਾਲੀ ਦੇ ਕਿਸਾਨਾਂ ਲਈ ਝੋਨੇ ਦੀ ਪਰਾਲੀ ਪ੍ਰਬੰਧਨ ਬਾਬਤ ਪੰਜ ਦਿਨਾ ਸਿਖਲਾਈ ਦਾ ਆਯੋਜਨ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਕਿਸਾਨਾਂ ਨੂੰ ਜੀ ਆਇਆ ਕਿਹਾ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਸਮੂਹ ਕਿਸਾਨਾਂ ਦੀ ਪ੍ਰਸੰਸਾ ਕੀਤੀ, ਜਿਨ੍ਹਾਂ ਨੇ ਪਿਛਲੇ ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਨੂੰ ਬਾਖੂਬੀ ਅਪਣਾਇਆ ਸੀ ਅਤੇ ਉਨ੍ਹਾਂ ਨੇ ਮੌਜੂਦ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੇ ਇਸ ਪਵਿੱਤਰ ਕਾਰਜ ਨੂੰ ਹੋਰ ਮਜ਼ਬੂਤੀ ਨਾਲ ਮੁਹਿੰਮ ਰੂਪ ਵਿੱਚ ਅੱਗੇ ਤੋਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਸਿਖਲ਼ਾਈ ਦੌਰਾਨ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਉਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਨ, ਤਾਂ ਜੋ ਇਸ ਦਾ ਪੂਰਾ ਲਾਭ ਲਿਆ ਜਾ ਸਕੇ।
ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ ਅਤੇ ਪਸ਼ੂ ਖ਼ੁਰਾਕ ਵਜੋਂ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਕਿਸਾਨਾਂ ਨੇ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਅਤੇ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਖਦਸ਼ਿਆਂ ਬਾਬਤ ਵਿਚਾਰ-ਚਰਚਾ ਵੀ ਕੀਤੀ ਅਤੇ ਉਨ੍ਹਾਂ ਨੂੰ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। ਅਖੀਰ ਵਿੱਚ ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਵੱਲੋਂ ਆਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਦੇ ਮਨੋਰਥ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।
