ਮਾਲੇਰਕੋਟਲਾ, 03 ਅਕਤੂਬਰ 2025 AJ DI Awaaj
Punjab Desk : ਜ਼ਿਲ੍ਹਾ ਮਲੇਰਕੋਟਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਮੁਸਤੈਦੀ ਨਾਲ ਨਿਗਰਾਨੀ ਰੱਖਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਦੀ ਉਪਲਬਧਤਾ ਦਾ ਜਾਇਜ਼ਾ ਲੈਣਾ ਜ਼ਰੂਰੀ ਹੈ ਤਾਂ ਜੋ ਜਿੱਥੇ ਕਮੀ ਪਾਈ ਜਾਵੇ ਉੱਥੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਮਸ਼ੀਨਰੀ ਦੀ ਪਿੰਡਾਂ ਅਨੁਸਾਰ ਸੂਚੀ ਤਿਆਰ ਕੀਤੀ ਜਾਵੇ। ਇਸ ਨਾਲ ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣ। ਇਨ੍ਹਾਂ ਕੈਂਪਾਂ ਰਾਹੀਂ ਪਰਾਲੀ ਤੋਂ ਗੰਢਾਂ ਤਿਆਰ ਕਰਨ ਅਤੇ ਆਧੁਨਿਕ ਉਪਕਰਣਾਂ ‘ਤੇ ਮਿਲ ਰਹੀ ਸਰਕਾਰੀ ਸਬਸਿਡੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪ੍ਰਸ਼ਾਸਨ ਵੱਲੋਂ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਜਾ ਰਹੀ ਹੈ । ਜੇਕਰ ਕਿਤੇ ਵੀ ਅੱਗ ਲਗਾਉਣ ਦੀ ਘਟਨਾ ਦਰਜ ਹੁੰਦੀ ਹੈ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਅਧਿਕਾਰੀ ਆਪਣੇ ਖੇਤਰਾਂ ਵਿੱਚ ਦਸ਼ਤ ਕਰਦਿਆਂ ਥਾਣਾ ਮੁਖੀਆਂ ਨਾਲ ਤਾਲਮੇਲ ਬਣਾਕੇ ਕੰਮ ਕਰਨ।
ਬੇਲਰ ਮਾਲਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਮਸ਼ੀਨਰੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਤਿਆਰ ਰੱਖਣ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਨੂੰ ਸਮਝਦੇ ਹੋਏ ਵੱਧ ਤੋਂ ਵੱਧ ਮਸ਼ੀਨਾਂ ਨੂੰ ਸਥਾਨਕ ਪੱਧਰ ‘ਤੇ ਹੀ ਪਰਾਲੀ ਪ੍ਰਬੰਧਨ ਲਈ ਵਰਤਿਆ ਜਾਵੇ। ਖਾਸਕਰ ਉਹ ਹਾਟਸਪਾਟ ਪਿੰਡਾਂ ਵਿੱਚ ਤਰਜੀਹ ਦੇ ਆਧਾਰ ‘ਤੇ ਆਪਣੀ ਮਸ਼ੀਨਰੀ ਲਗਾਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ – “ਸਾਡੇ ਲਈ ਵਾਤਾਵਰਣ ਬਚਾਉਣਾ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਮੈਂ ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ, ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ। ਇਹ ਸਿਰਫ ਕਾਨੂੰਨੀ ਪਾਲਣਾ ਨਹੀਂ, ਸਗੋਂ ਭਵਿੱਖ ਦੀਆਂ ਪੀੜੀਆਂ ਲਈ ਸਿਹਤਮੰਦ ਵਾਤਾਵਰਣ ਦੀ ਵਿਰਾਸਤ ਛੱਡਣ ਵੱਲ ਵੱਡਾ ਕਦਮ ਹੈ।”
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਐਸ.ਪੀ ਰਾਜਨ ਸ਼ਰਮਾਂ, ਡੀ.ਐਸ.ਪੀ ਮਾਨਵਜੀਤ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਐਸ.ਈ.ਪੀ.ਓ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ,ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ ਤੋਂ ਇਲਾਵਾ ਵੱਖ – ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
