ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ

12

ਬਟਾਲਾ, 21 ਅਕਤੂਬਰ 2025 AJ DI Awaaj

Punjab Desk :  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 381138 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 360384 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 75 ਫੀਸਦ ਤੋਂ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਨਾਲੋਂ ਨਾਲ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 741 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਸਾੜਨ ਦੀ ਬਜਾਇ ਗੱਠਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਬਹੁਤ ਸਾਰੇ ਕਿਸਾਨ ਜਿਵੇਂ ਧਾਰੀਵਾਲ ਨੇੜੇ ਪਿੰਡ ਸੋਹਲ ਵਿਖੇ ਪਰਾਲੀ ਪ੍ਰਬੰਧਨ (ਗੱਠਾਂ ਬਣਾ ਕੇ ) ਰਾਹੀਂ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਰਹੇ ਹਨ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸਣਯੋਗ ਹੈ ਕਿ ਪਨਗਰੇਨ ਵਲੋਂ 135263 ਮੀਟਰਕ ਟਨ, ਮਾਰਕਫੈੱਡ ਵਲੋਂ 97414 ਮੀਟਰਕ ਟਨ, ਪਨਸਪ ਵਲੋਂ 69484 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 58215 ਅਤੇ ਪ੍ਰਾਈਵੇਟ ਖਰੀਦ 08 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।