ਹੁਸ਼ਿਆਰਪੁਰ, 23 ਅਕਤੂਬਰ 2025 AJ DI Awaaj
Punjab Desk : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਫ਼ਸਰ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਜ਼ ਨੂੰ ਅਡਵਾਂਸ ਡੇਅਰੀ ਫਾਰਮਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਹੋਵੇ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਕੋਰਸ ਦੀ ਫੀਸ 5000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 4000 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 25 ਅਕਤੂਬਰ ਤੱਕ ਦਫ਼ਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਜਾਂ 98722-77136 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
