ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ 2025 AJ DI Awaaj
Punjab Desk : ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਪਿੰਡ ਖਿਓਵਾਲੀ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲੰਬੀ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਸੂਝਵਾਨ ਕਿਸਾਨ ਵੀਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ., ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ।
ਡਾ: ਗੁਰਵਿਦੰਰ ਸਿੰਘ, ਸਹਾਇਕ ਪ੍ਰੋਫੈਸਰ, ਪਸਾਰ ਸਿੱਖਿਆ ਨੇ ਮੌਸਮੀ ਤਬਦੀਲੀ ਨਾਲ ਖੇਤੀਬਾੜੀ ਉਪਰ ਪੈਣ ਵਾਲੇ ਮਾੜੇ ਅਸਰ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਚਾਅ ਲਈ ਨੁਕਤੇ ਸਾਂਝੇ ਕੀਤੇ। ਡਾ: ਸੁਖਚੈਣ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਕਿਸਾਨਾਂ ਲਈ ਚੱਲ ਰਹਿਆਂ ਵੱਖ-ਵੱਖ ਸਕੀਮਾਂ ਅਤੇ ਸਹੁਲਤਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ’ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।
