27October 2025 Aj DI Awaaj
Punjab Desk ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਬਲਾਕ ਦਿੜ੍ਹਬਾ ਦੇ ਗੋਦ ਲਏ ਪਿੰਡ ਦਿਵਾਨਗੜ੍ਹ ਕੈਂਪਰ ਵਿਖੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਇੱਕ-ਰੋਜ਼ਾ ਸੈਮੀਨਾਰ ਅਤੇ ਖੇਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਕੈਂਪਰ ਅਤੇ ਨੇੜਲੇ ਪਿੰਡਾਂ ਦੇ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਡਾ. ਰਾਜਬੀਰ ਸਿੰਘ, ਡਿਪਟੀ ਡਾਇਰੈਕਟਰ ਜਨਰਲ (ਖੇਤੀ ਵਿਸਥਾਰ), ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.), ਨਵੀਂ ਦਿੱਲੀ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਡਾ. ਪਰਵੇਂਦਰ ਸ਼ੇਰੋਨ, ਨਿਰਦੇਸ਼ਕ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸੈਮੀਨਾਰ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜਬੀਰ ਸਿੰਘ ਨੇ ਟਿਕਾਊ ਖੇਤੀਬਾੜੀ ਅਤੇ ਵਾਤਾਵਰਣ ਸੁਰੱਖਿਆ ਲਈ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦੀਆਂ ਤਕਨੀਕਾਂ ਨੂੰ ਵਿਆਪਕ ਤੌਰ ‘ਤੇ ਅਪਣਾਉਣ ਉੱਤੇ ਜ਼ੋਰ ਦਿੱਤਾ। ਡਾ. ਪਰਵੇਂਦਰ ਸ਼ੇਰੋਨ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਉਪਲਬਧ ਕਰਵਾਈ ਗਈ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਕੁਸ਼ਲ ਵਰਤੋਂ ਦੀ ਲੋੜ ‘ਤੇ ਚਾਨਣਾ ਪਾਇਆ।
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਕੀਤੀਆਂ ਜਾ ਰਹੀਆਂ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਰਵਾਇਤ ਨੂੰ ਛੱਡਣ ਲਈ ਪ੍ਰੇਰਿਤ ਕੀਤਾ ਅਤੇ ਇਸ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਦੱਸਿਆ।
ਕਿਸਾਨਾਂ ਨੇ ਸਬਸਿਡੀਸ਼ੁਦਾ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉੱਚ ਕੀਮਤ, ਪਰਾਲੀ ਨੂੰ ਖੇਤ ਵਿੱਚੋ ਬਾਹਰ ਕੱਢਣ ਲਈ ਬੇਲਰ ਮਸ਼ੀਨਾਂ ਦੀ ਘੱਟ ਉਪਲਬਧਤਾ, ਬੇਲਰ ਮਾਲਕਾਂ ਵੱਲੋਂ ਪਿੰਡਾਂ ਤੋਂ ਬਾਹਰ ਸੇਵਾਵਾਂ ਦੇਣ ਅਤੇ ਬੇਲਿੰਗ ਚਾਰਜ ਲਗਾਉਣ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਵੱਲੋਂ ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਸੰਭਾਵਨਾ ਬਾਰੇ ਵੀ ਚਿੰਤਾ ਜਤਾਈ ਗਈ। ਜਿਸ ਦੀ ਰੋਕਥਾਮ ਬਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।
ਇਸ ਸੈਮੀਨਾਰ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਅਤੇ ਪਟਿਆਲਾ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਮੁਹਈਆ ਕਰਵਾਈ ਗਈ। ਸਮਾਗਮ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸੰਗਰੂਰ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸਨਮਾਨ ਕੀਤਾ ਗਿਆ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਭਰੋਸਾ ਦਿੱਤਾ ਗਿਆ।
ਅਖੀਰ ਵਿੱਚ ਡਾ ਸੁਨੀਲ ਕੁਮਾਰ ਅਤੇ ਡਾ ਰੁਕਿੰਦਰ ਪ੍ਰੀਤ ਸਿੰਘ ਵਲੋਂ ਸ. ਮੱਖਣ ਸਿੰਘ ਦੇ ਖੇਤ ਵਿੱਚ ਝੋਨੇ ਦੀ ਪਰਾਲੀ ਵਿੱਚ ਕਣਕ ਦੀ ਬਿਜਾਈ ਲਈ ਹੈਪੀ ਸੀਡਰ, ਸਮਾਰਟ ਸੀਡਰ ਅਤੇ ਮਲਚਰ ਦੀ ਲਾਈਵ ਪ੍ਰਦਰਸ਼ਨੀ ਦਾ ਸਫ਼ਲ ਪ੍ਰਦਰਸ਼ਨ ਕੀਤਾ ਗਿਆ। ਸਰਪੰਚ ਸ. ਗੁਰਸੇਵਕ ਸਿੰਘ, ਸ. ਗੁਰਚਰਨ ਸਿੰਘ, ਸ. ਕੁਲਦੀਪ ਸਿੰਘ ਅਤੇ ਸ. ਗੁਰਪ੍ਰੀਤ ਸਿੰਘ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਖੂਬ ਮਿਹਨਤ ਕੀਤੀ।














