ਕੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਜਾਨ ਬਚ ਸਕਦੀ ਸੀ? ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੀਤਾ ਸਖਤ ਕਦਮ

5

27October 2025 Aj Di Awaaj

Punjab Desk: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਯਾਦ ਰਹੇ ਕਿ ਮਸ਼ਹੂਰ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਹੁਣ ਪਿੰਜੌਰ ਪੁਲਿਸ ਵੱਲੋਂ ਦਰਜ ਕੀਤੀ ਗਈ ਡੀਡੀਆਰ (ਡੇਲੀ ਡਾਇਰੀ ਰਿਪੋਰਟ) ਵਿੱਚ ਖੁਲਾਸਾ ਹੋਇਆ ਹੈ ਕਿ ਪਿੰਜੌਰ ਦੇ ਸ਼ੋਰੀ ਹਸਪਤਾਲ ਨੇ ਜ਼ਖਮੀ ਜਵੰਦਾ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਘਟਨਾ ਤੋਂ ਬਾਅਦ ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਬੇਹਿਸੀ ਅਤੇ ਲਾਪਰਵਾਹੀ ‘ਤੇ ਚਿੰਤਾ ਜਤਾਈ ਹੈ। ਸੰਗਠਨ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ‘ਤੇ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਦੋਵਾਂ ਰਾਜ ਸਰਕਾਰਾਂ ਅਤੇ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਕਿ ਕੋਈ ਵੀ ਹਸਪਤਾਲ ਐਮਰਜੈਂਸੀ ਵਿੱਚ ਆਏ ਜ਼ਖਮੀ ਵਿਅਕਤੀ ਨੂੰ ਪਹਿਲੀ ਸਹਾਇਤਾ ਦੇਣ ਤੋਂ ਇਨਕਾਰ ਨਾ ਕਰੇ।

ਇਹ ਹਾਦਸਾ ਹਿਮਾਚਲ ਪ੍ਰਦੇਸ਼ ਵਿੱਚ ਵਾਪਰਿਆ ਸੀ। ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੀ 8 ਅਕਤੂਬਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਉਹ 27 ਸਤੰਬਰ ਨੂੰ ਹਿਮਾਚਲ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸੀ। ਕਈ ਦਿਨਾਂ ਤੱਕ ਇਲਾਜ ਹੇਠ ਰਹਿਣ ਤੋਂ ਬਾਅਦ, ਡਾਕਟਰਾਂ ਨੇ 8 ਅਕਤੂਬਰ ਨੂੰ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

35 ਸਾਲਾ ਪ੍ਰਸਿੱਧ ਗਾਇਕ ਸ਼ਿਮਲਾ ਜਾ ਰਿਹਾ ਸੀ ਜਦੋਂ ਰਾਹ ਵਿੱਚ ਅਵਾਰਾ ਪਸ਼ੂਆਂ ਕਾਰਨ ਉਸਦਾ ਮੋਟਰਸਾਈਕਲ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਿਆ।