ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ, ਦੇਸ਼-ਵਿਦੇਸ਼ ਤੋਂ ਸੰਗਤ ਹੋ ਰਹੀ ਨਤਮਸਤਕ

34
ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ, ਦੇਸ਼-ਵਿਦੇਸ਼ ਤੋਂ ਸੰਗਤ ਹੋ ਰਹੀ ਨਤਮਸਤਕ

05 ਨਵੰਬਰ, 2025 ਅਜ ਦੀ ਆਵਾਜ਼

Punjab Desk: ਸ੍ਰੀ ਹਰਿਮੰਦਰ ਸਾਹਿਬ ‘ਚ ਪ੍ਰਕਾਸ਼ ਪੁਰਬ ਦੀ ਖਾਸ ਰੌਣਕ, ਦੇਸ਼-ਵਿਦੇਸ਼ ਤੋਂ ਸੰਗਤਾਂ ਹੋ ਰਹੀਆਂ ਨਤਮਸਤਕ                                                                                                                        ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਸ ਰੌਣਕ ਦਿਖਾਈ ਦੇ ਰਹੀ ਹੈ। ਦੇਸ਼-ਵਿਦੇਸ਼ ਤੋਂ ਸੰਗਤਾਂ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਸੰਗਤਾਂ ਨੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਲੰਬੀਆਂ ਕਤਾਰਾਂ ਵਿੱਚ ਖੜੇ ਹੋ ਕੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ। ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਅਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਵੇਰੇ 8:30 ਵਜੇ ਤੋਂ ਦੁਪਹਿਰ 12 ਵਜੇ ਤੱਕ ਸੰਗਤਾਂ ਲਈ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟਲ ਰਾਏ ਵਿਖੇ ਪਵਿਤਰ ਦਰਸ਼ਨ ਸਜਾਏ ਗਏ। ਦਰਸ਼ਨ ਲਈ ਸੰਗਤਾਂ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ।

ਧਾਰਮਿਕ ਦੀਵਾਨਾਂ ਵਿੱਚ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜਾਣੂ ਕਰਵਾ ਰਹੇ ਹਨ। ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਪ੍ਰਕਾਸ਼ ਪੁਰਬ ਦੀ ਰੌਣਕ ਵਿੱਚ ਵਾਧਾ ਹੋਵੇਗਾ।