ਪਰਾਲੀ ਪ੍ਰੋਟੈਕਸ਼ਨ ਫੋਰਸ ਪਿੰਡਾਂ ਵਿਚ ਚੌਕਸੀ

40

ਮਾਨਸਾ, 13 ਨਵੰਬਰ 2025 AJ DI Awaaj

Punjab Desk : ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਭਾਵੇਂ 75 ਫੀਸਦੀ ਤੋਂ ਵੱਧ ਹੋ ਗਿਆ ਹੈ ਪਰ ਫਿਰ ਵੀ ਪਰਾਲੀ ਪ੍ਰੋਟੈਕਸ਼ਨ ਫੋਰਸ ਪਿੰਡਾਂ ਵਿਚ ਚੌਕਸੀ ਬਰਕਰਾਰ ਰੱਖੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਪਰਾਲੀ ਨੂੰ ਅੱਗ ਨਾ ਲੱਗੇ।
ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਖੇਤੀਬਾੜੀ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਪਿੰਡਾਂ ਵਿਚ ਤਾਇਨਾਤ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਰਹਿ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਵਿਚ 59 ਫ਼ੀਸਦੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲੇ 462 ਸਨ ਅਤੇ ਇਸ ਸਾਲ 275 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਹਰ ਇਕ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕੇ ਦੱਸੇ ਜਾਣ, ਤਾਂ ਜੋ ਕਿਤੇ ਵੀ ਅੱਗ ਲੱਗਣ ਦਾ ਮਾਮਲਾ ਸਾਹਮਣੇ ਨਾ ਆਵੇ।
ਓਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਅਜੀਤ ਪਾਲ ਸਿੰਘ ਚਹਿਲ, ਗੁਰਲੀਨ ਕੌਰ ਆਈ.ਏ.ਐੱਸ.(ਯੂ.ਟੀ), ਮੁੱਖ  ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।