ਪੰਜਾਬ: 21 Nov 2025 AJ DI Awaaj
Punjab Desk : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦੀ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ।
ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਅੱਜ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਵਿੱਚ ਸ਼ੁਰੂ ਹੋਣ ਜਾ ਰਹੀ ਹੈ।
ਪਟੀਸ਼ਨ ਵਿੱਚ ਉਹਨਾਂ ਦੇ ਵਕੀਲ ਨੇ NSA ਦੀ ਧਾਰਾ 15 ਦਾ ਹਵਾਲਾ ਦਿੰਦਿਆਂ ਕਿਹਾ ਕਿ ਅਸਾਧਾਰਣ ਹਾਲਾਤਾਂ ਵਿੱਚ ਪੈਰੋਲ ਦਿੱਤੀ ਜਾ ਸਕਦੀ ਹੈ, ਅਤੇ ਸੰਸਦ ਸੈਸ਼ਨ ਵਿੱਚ ਹਾਜ਼ਰੀ ਇਸ ਲਈ ਜ਼ਰੂਰੀ ਹੈ। ਚੀਫ ਜਸਟਿਸ ਨੇ ਪੁੱਛਿਆ ਕਿ ਜਦ ਤੱਕ ਨਜ਼ਰਬੰਦੀ ਖਤਮ ਨਹੀਂ ਕੀਤੀ ਜਾਂਦੀ, ਉਹ ਸੰਸਦ ਵਿੱਚ ਕਿਵੇਂ ਸ਼ਾਮਲ ਹੋਣਗੇ? ਇਸ ‘ਤੇ ਵਕੀਲ ਨੇ ਦਲੀਲ ਦਿੱਤੀ ਕਿ ਨਜ਼ਰਬੰਦੀ ਅਤੇ ਪੈਰੋਲ ਦੋ ਵੱਖ-ਵੱਖ ਮਸਲੇ ਹਨ।
ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਪ੍ਰਿਵੈਂਟਿਵ ਡਿਟੈਨਸ਼ਨ ਵਿੱਚ ਹਨ, ਪਰ ਇਸ ਦੇ ਬਾਵਜੂਦ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਹਨਾਂ ਨੇ ਖਡੂਰ ਸਾਹਿਬ ਹਲਕੇ ਤੋਂ ਲਗਭਗ 4 ਲੱਖ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ ਅਤੇ ਲਗਭਗ 19 ਲੱਖ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ।
ਪਟੀਸ਼ਨ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਪੈਰੋਲ ‘ਤੇ ਰਿਹਾਅ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਨਿੱਜੀ ਹਾਜ਼ਰੀ ਯਕੀਨੀ ਬਣਾਈ ਜਾਵੇ।














