ਫਰੀਦਕੋਟ 2 ਦਸੰਬਰ 2025 AJ DI Awaaj
Punjab Desk : ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਿਤੀ-2025 ਦੀਆਂ ਚੋਣਾਂ ਅਤੇ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਪੱਤਰ ਦੇ ਮੱਦੇਨਜਰ ਜਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਨੂੰ ਕਾਇਮ ਰੱਖਣ/ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਅਸਲਾ/ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਹੀ ਨਾਲ ਹੋਵੇ, ਚੁੱਕਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ ਚੋਣਾਂ ਮਿਤੀ 14 ਦਸਬੰਰ 2025 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿਹਾ ਸਕੱਤਰ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ/ਕੈਰੀ ਕਰਨ ਤੋਂ ਰੋਕਣਾ ਅਤਿ ਜ਼ਰੂਰੀ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਇਸ ਸਭ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।














