ਡਿਪਟੀ ਕਮਿਸ਼ਨਰ ਵਲੋਂ ਸਰਫੇਸ਼ ਵਾਟਰ ਪ੍ਰੋਜੈਕਟ ਨੂੰ ਅਗਲੇ ਕੁਝ ਮਹੀਨਿਆਂ ’ਚ ਮੁਕੰਮਲ ਕਰਨ ਦੇ ਆਦੇਸ਼

14
ਡਿਪਟੀ ਕਮਿਸ਼ਨਰ ਵਲੋਂ ਸਰਫੇਸ਼ ਵਾਟਰ ਪ੍ਰੋਜੈਕਟ ਨੂੰ ਅਗਲੇ ਕੁਝ ਮਹੀਨਿਆਂ ’ਚ ਮੁਕੰਮਲ ਕਰਨ ਦੇ ਆਦੇਸ਼

ਪ੍ਰੋਜੈਕਟ ’ਚ ਦੇਰੀ ਹੋਣ ’ਤੇ ਕਾਰਜਕਾਰੀ ਏਜੰਸੀ ਨੂੰ ਜੁਰਮਾਨਾ ਲਗਾਉਣ ਦੀਆਂ ਹਦਾਇਤਾਂ                                          ਕਿਹਾ, ਸੜਕੀ ਬੁਨਿਆਦੀ ਢਾਂਚੇ ਨੂੰ ਪਹਿਲ ਦੇ ਅਧਾਰ ’ਤੇ ਬਹਾਲ ਕੀਤਾ ਜਾਵੇ, ਕਿਉਂਕਿ ਪੁੱਟੀਆਂ ਸੜਕਾਂ ਲੋਕਾਂ ਲਈ ਦਿੱਕਤਾਂ ਦਾ ਕਾਰਨ ਬਣਦੀਆਂ

ਜਲੰਧਰ, 11 ਦਸੰਬਰ 2025 Aj Di Awaaj 

Punjab Desk:  ਅਮਰੂਤ ਸਕੀਮ ਤਹਿਤ ਸਰਫੇਸ਼ ਵਾਟਰ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਿੱਚ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਸਾਰੇ ਸਬੰਧਿਤ ਵਿਭਾਗਾਂ ਨੂੰ ਬਾਕੀ ਰਹਿੰਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ। ਨਗਰ ਨਿਗਮ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਾਰਜਕਾਰੀ ਏਜੰਸੀ ਮੈਸਰਜ਼ ਲਾਰਸੇਨ ਐਂਡ ਟੂਬਰੋ ਲਿਮਟਿਡ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਸਾਰੇ ਬਕਾਇਆਂ ਕੰਮਾਂ ਵਿੱਚ ਤੇਜ਼ੀ ਨਾਲ ਪ੍ਰਗਤੀ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਪ੍ਰੋਜੈਕਟ ਵਿੱਚ ਦੇਰੀ ਲਈ ਨਿਯਮਾਂ ਅਨੁਸਾਰ ਕਾਰਜਕਾਰੀ ਏਜੰਸੀ ‘’ਤੇ ਜੁਰਮਾਨਾ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਵੀ ਹਦਾਇਤਾਂ ਕੀਤੀਆਂ।

ਡਾ.ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕੰਮਾਂ ਦੀ ਵਿਸਥਾਰਿਤ ਸੂਚੀ ਤਿਆਰ ਕਰਦਿਆਂ ਬਕਾਇਆ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿਸ਼ਚਿਤ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਫਿਰ ਜ਼ੋਰ ਦੇ ਕੇ ਕਿਹਾ ਕਿ ਸਾਰੇ ਪ੍ਰੋਜੈਕਟ ਅਗਲੇ ਕੁਝ ਮਹੀਨਿਆਂ ਵਿੱਚ ਮੁਕੰਮਲ ਹੋ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਦੇਰੀ ਦੀ ਹੋਰ ਕੋਈ ਸੰਭਾਵਨਾ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਇਹ ਵੀ ਆਦੇਸ਼ ਜਾਰੀ ਕੀਤੇ ਕਿ ਜ਼ਿਲ੍ਹੇ ਵਿੱਚ ਪ੍ਰੋਜੈਕਟ ਨੂੰ ਮੁਕੰਮਲ ਕਰਨ ਸਬੰਧੀ ਸੋਧੀ ਸਮਾਂ ਸਾਰਣੀ ਬਾਰੇ ਲੋਕਾਂ ਦੀ ਜਾਣਕਾਰੀ ਲਈ ਪ੍ਰਮੁੱਖ ਥਾਵਾਂ ’ਤੇ ਬੋਰਡ ਲਗਾਏ ਜਾਣ।

ਡਿਪਟੀ ਕਮਿਸ਼ਨਰ ਨੇ ਸੜਕਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੇ ਸਮੇਂ ਵਿੱਚ ਵਾਧਾ ਕਰਨ ਅਤੇ ਲੰਬੇ ਸਮੇਂ ਤੋਂ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ਕਰਕੇ ਨਿਰਵਿਘਨ ਅਵਾਜਾਈ ਵਿੱਚ ਵਿਘਨ ਪੈਂਦਾ ਹੈ, ਧੂੜ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ ਅਤੇ ਰਾਹਗੀਰਾਂ ਨੂੰ ਰੋਜ਼ਾਨਾਂ ਦੇ ਕੰਮ ਨਿਪਟਾਉਣ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ। ਉਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਸੜਕਾਂ ਦੀ ਆਮ ਸਥਿਤੀ ਨੂੰ ਪਹਿਲ ਦੇ ਅਧਾਰ ’ਤੇ ਜਲਦ ਤੋਂ ਜਲਦ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਡਾ.ਅਗਰਵਾਲ ਨੇ ਤਾੜਨਾ ਕਰਦਿਆਂ ਕਿਹਾ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਹੋਈ ਦੇਰੀ ਲਈ ਜਿੰਮੇਵਾਰ ਅਧਿਕਾਰੀਆਂ ਤੇ ਏਜੰਸੀਆਂ ਖਿਲਾਫ਼ ਜਾਂਚ ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।