Punjab 13 Dec 2025 AJ DI Awaaj
Punjab Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੈਲੇਟ ਪੇਪਰਾਂ ਸਬੰਧੀ ਦਿੱਤੇ ਗਏ ਬਿਆਨਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। CM ਮਾਨ ਨੇ ਕਿਹਾ ਕਿ ਕਾਂਗਰਸ ਆਪਣੀਆਂ ਗਲਤੀਆਂ ਅਤੇ ਕਰਤੂਤਾਂ ਕਾਰਨ ਹਾਰ ਜਾਂਦੀ ਹੈ, ਪਰ ਹਾਰ ਦੀ ਜ਼ਿੰਮੇਵਾਰੀ ਹਮੇਸ਼ਾ ਕਿਸੇ ਹੋਰ ‘ਤੇ ਢੋਹਣ ਦੀ ਕੋਸ਼ਿਸ਼ ਕਰਦੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ CM ਮਾਨ ਨੇ ਕਿਹਾ ਕਿ ਉਹ ਮੀਡੀਆ ਦੇ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੱਚਾਈ ਤੋਂ ਵਾਕਿਫ਼ ਕਰਵਾਉਣਾ ਚਾਹੁੰਦੇ ਹਨ ਕਿ ਕਿਵੇਂ ਭਰਮ ਫੈਲਾਏ ਜਾ ਰਹੇ ਹਨ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਬਕਾ CM ਚੰਨੀ ਵੱਲੋਂ ਦਿੱਤਾ ਗਿਆ ਇਹ ਬਿਆਨ ਗੈਰ-ਜ਼ਿੰਮੇਵਾਰਾਨਾ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ‘ਝਾੜੂ’ ਨਿਸ਼ਾਨ ਵਾਲੇ 100-100 ਬੈਲੇਟ ਪੇਪਰ ਬਾਕਸਾਂ ਵਿੱਚ ਪਾ ਦਿੱਤੇ ਹਨ।
CM ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਆਪਣੀ ਹਾਰ ਮੰਨ ਲਈ ਹੈ ਅਤੇ ਇਸ ਕਾਰਨ ਉਹ ਘਬਰਾਹਟ ਦਾ ਸ਼ਿਕਾਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 2833 ਜੋਨਾਂ ਵਿੱਚ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਵਿੱਚੋਂ 340 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਹਨ। ਇਸ ਤੋਂ ਇਲਾਵਾ, 3 ਕਾਂਗਰਸ ਅਤੇ 8 ਆਜ਼ਾਦ ਉਮੀਦਵਾਰ ਵੀ ਬਿਨਾਂ ਮੁਕਾਬਲੇ ਜੇਤੂ ਰਹੇ ਹਨ, ਕਿਉਂਕਿ ਕੁਝ ਥਾਵਾਂ ‘ਤੇ ਜਾਂ ਤਾਂ ਨਾਮਜ਼ਦਗੀ ਪੱਤਰ ਗਲਤ ਭਰੇ ਗਏ ਜਾਂ ਕੋਈ ਉਮੀਦਵਾਰ ਖੜ੍ਹਾ ਨਹੀਂ ਹੋਇਆ।
CM ਮਾਨ ਨੇ ਸਵਾਲ ਉਠਾਇਆ ਕਿ ਜੇ ਕਾਂਗਰਸ ਅਤੇ ਆਜ਼ਾਦ ਉਮੀਦਵਾਰ ਵੀ ਬਿਨਾਂ ਮੁਕਾਬਲੇ ਜੇਤੂ ਹੋਏ ਹਨ, ਤਾਂ ਫਿਰ ਧੱਕੇ ਦੀ ਗੱਲ ਕਿਵੇਂ ਕੀਤੀ ਜਾ ਸਕਦੀ ਹੈ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਚ-ਵਿਚਾਰ ਕੇ ਉਹਨਾਂ ਉਮੀਦਵਾਰਾਂ ਨੂੰ ਵੋਟ ਪਾਉਣ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕੱਢ ਸਕਣ।














