ਮਾਨਸਾ, 15 ਦਸੰਬਰ 2025 AJ DI Awaaj
Punjab Desk : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤੇ ਤਹਿਤ ਮਾਨਸਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ ਅਤੇ ਸ਼ਹਿਰੀ ਖੇਤਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਬਲਜੀਤ ਕੌਰ ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਦੀ ਸਫ਼ਲਤਾ ਲਈ ਸੱਤ ਵਿਸ਼ੇਸ਼ ਸ਼ੈਸ਼ਨ ਲਾਏ ਜਾ ਰਹੇ ਹਨ ਜਿੰਨ੍ਹਾਂ ਵਿੱਚ ਇਕ ਕੈਂਪ ਬੁਢਲਾਡਾ,ਦੋ ਸ਼ਹਿਰ ਮਾਨਸਾ,ਚਾਰ ਕੈਂਪ ਸਰਦੂਲਗੜ੍ਹ ਵਿਖੇ ਲਗਾਏ ਜਾਣਗੇ।
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਅਪੀਲ ਕੀਤੀ ਹੈ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ੇਸ ਹਫ਼ਤੇ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ।














