Punjab 16 Dec 2025 AJ DI Awaaj
Punjab Desk : ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤਿੰਨ ਸਾਲ ਬਾਅਦ ਪਹਿਲੀ ਵਾਰ ਸਰਵਜਨਿਕ ਤੌਰ ’ਤੇ ਨਜ਼ਰ ਆਏ ਹਨ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ, ਜਿਸ ਦੌਰਾਨ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਚਿੱਟਾ ਕੁੜਤਾ ਅਤੇ ਨੀਲੀ ਦਸਤਾਰ ਪਹਿਨੇ ਹੋਏ ਸਨ।
ਅਦਾਲਤ ਵਿੱਚ ਪੇਸ਼ੀ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਅੰਗਰੇਜ਼ੀ ਅਤੇ ਪੰਜਾਬੀ ਦੋਹਾਂ ਭਾਸ਼ਾਵਾਂ ਵਿੱਚ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਸਰਗਰਮ ਭੂਮਿਕਾ ਨਿਭਾਉਣਾ ਚਾਹੁੰਦੇ ਹਨ ਤਾਂ ਜੋ ਆਪਣੇ ਹਲਕੇ ਨਾਲ ਜੁੜੇ ਮਹੱਤਵਪੂਰਨ ਮੁੱਦੇ ਉਠਾ ਸਕਣ ਅਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾ ਸਕਣ।
ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਕਾਰਨ ਉਨ੍ਹਾਂ ਦੇ ਸੰਸਦੀ ਹਲਕੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਬੈਂਚ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ, “ਭਾਰਤ ਦੇ ਲੋਕਤੰਤਰਿਕ ਪ੍ਰਬੰਧ ਵਿੱਚ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਸੰਸਦ ਵਿੱਚ ਮੁੱਦੇ ਉਠਾਉਣ ਦਾ ਪੂਰਾ ਅਧਿਕਾਰ ਹੁੰਦਾ ਹੈ। ਪਰ ਮੇਰੇ ’ਤੇ ਲਾਗੂ ਐੱਨਐੱਸਏ ਨੂੰ ਤੀਜੇ ਸਾਲ ਲਈ ਵਧਾ ਦਿੱਤਾ ਗਿਆ ਹੈ। ਇਹ ਮੁੱਦੇ ਸੰਸਦ ਵਿੱਚ ਉਠਾਉਣਾ ਬਹੁਤ ਜ਼ਰੂਰੀ ਹੈ।”
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ’ਤੇ ਲਾਗੂ ਨਜ਼ਰਬੰਦੀ ਦੇ ਮਾਮਲੇ ਨੂੰ ਲੈ ਕੇ ਕਾਨੂੰਨੀ ਕਾਰਵਾਈ ਜਾਰੀ ਹੈ।














