MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਖਾਰਜ

62

ਚੰਡੀਗੜ੍ਹ:18 Dec 2025 Aj DI Awaaj

Chandigarh Desk : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਾਜ਼ਰੀ ਦੀ ਇਜਾਜ਼ਤ ਮੰਗਦੀਆਂ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ 19 ਦਸੰਬਰ ਹੈ, ਇਸ ਲਈ ਹੁਣ ਸੈਸ਼ਨ ਵਿੱਚ ਸ਼ਾਮਲ ਹੋਣਾ ਸੰਭਵ ਨਹੀਂ ਦਿਸਦਾ।

ਬੈਂਚ ਨੇ ਟਿੱਪਣੀ ਕਰਦਿਆਂ ਕਿਹਾ ਕਿ ਜਦੋਂ ਸੈਸ਼ਨ ਆਪਣੇ ਅੰਤਲੇ ਪੜਾਅ ’ਚ ਹੈ ਤਾਂ ਇਸ ਪਟੀਸ਼ਨ ਦਾ ਕੋਈ ਵਾਜਬ ਆਧਾਰ ਨਹੀਂ ਬਣਦਾ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਅਗਲੇ ਸੰਸਦੀ ਸੈਸ਼ਨ ਲਈ ਪਹਿਲਾਂ ਤੋਂ ਹੀ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ, ਤਾਂ ਜੋ ਸਮੇਂ ਸਿਰ ਸੁਣਵਾਈ ਹੋ ਸਕੇ।

ਅਦਾਲਤ ਨੇ ਇਹ ਵੀ ਦਰਜ ਕੀਤਾ ਕਿ ਪਟੀਸ਼ਨਕਰਤਾ ਦੇ ਵਕੀਲ ਪਿਛਲੇ ਤਿੰਨ ਦਿਨਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਜਸਟਿਸ ਗਿੱਲ ਨੇ ਕਿਹਾ ਕਿ ਵਕੀਲ ਦੀ ਗੈਰਹਾਜ਼ਰੀ ਕਾਰਨ ਮਾਮਲਾ ਲਟਕਦਾ ਰਿਹਾ ਅਤੇ ਹੁਣ ਸੈਸ਼ਨ ਖਤਮ ਹੋਣ ਵਾਲਾ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਦਸੰਬਰ 2025 ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਲਈ ਅਰਜ਼ੀ ਦਿੱਤੀ ਸੀ। ਉਨ੍ਹਾਂ ਦੀ ਦਲੀਲ ਸੀ ਕਿ ਭਾਵੇਂ ਉਹ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਹਨ, ਪਰ ਲੋਕ ਸਭਾ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਨੂੰ ਸੰਸਦ ਵਿੱਚ ਹਾਜ਼ਰੀ ਦਾ ਸੰਵਿਧਾਨਕ ਅਧਿਕਾਰ ਹੈ।

ਅੰਮ੍ਰਿਤਪਾਲ ਸਿੰਘ ਨੂੰ 2023 ਵਿੱਚ ਐਨਐਸਏ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਹ ਖਾਲਿਸਤਾਨ ਦੇ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਹਨ। ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜੇਲ੍ਹ ਵਿੱਚ ਰਹਿੰਦਿਆਂ 1.97 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ।