ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੜੀ ਸਮੀਖਿਆ

33

ਮਾਲੇਰਕੋਟਲਾ 22 ਦਸੰਬਰ 2025 AJ DI Awaaj

Punjab Desk :  ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਕ ਸਮੀਖਿਆ ਕੀਤੀ ਗਈ। ਇਸ ਸਮੀਖਿਆ ਮੀਟਿੰਗ ਦੌਰਾਨ ਸਰਕਾਰੀ ਜ਼ਮੀਨ ’ਤੇ ਨਜਾਇਜਕਬਜ਼ਿਆਂ ਦੀ ਸਥਿਤੀ,ਆਰ.ਡੀ.ਓ.ਫੰਡ,ਵਿਵੇਕਸ਼ੀਲ ਫੰਡ,ਅੰਤਯੋਦਿਆ ਯੋਜਨਾ,ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.),ਮਨਰੇਗਾ,“ਸਾਫ਼ ਪਿੰਡ–ਹਰਾ ਪਿੰਡ”ਮੁਹਿੰਮ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਹੋ ਰਹੇ ਕੰਮਾਂ ਦੀ ਪ੍ਰਗਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਗਿਆ।

ਮੀਟਿੰਗ ਵਿੱਚ ਪਿੰਡਾਂ ਚ ਉਸਾਰੀਆਂ ਜਾ ਰਹੀਆਂ ਲਾਇਬ੍ਰੇਰੀਆਂ ਅਤੇ ਕਲਾਸ ਰੂਮਾਂ ਦੀ ਸਥਿਤੀ, ਪੀ.ਐਮ.ਜੇ.ਵੀ.ਕੇ. ਸਕੀਮ ਤਹਿਤ ਚੱਲ ਰਹੇ ਪ੍ਰੋਜੈਕਟ,ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਕੰਮ,ਪੇਂਡੂ ਲਿੰਕ ਸੜਕਾਂ ਆਰ.ਐਸ.ਈ.ਟੀ.ਆਈ. ਕਾਰਜਕ੍ਰਮਾਂ,ਓ.ਡੀ.ਐਫ. ਪਲੱਸ ਸਕੀਮ ਆਦਿ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀ.ਡੀ.ਪੀ.ਓਜ਼) ਨੂੰ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰ ਇਕ ਵਿਕਾਸ ਕਾਰਜ ਦੀ ਨਿੱਜੀ ਤੌਰ ’ਤੇ ਜਮੀਨੀ ਜਾਂਚ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਕੰਮਾਂ ਵਿੱਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਸਰਕਾਰੀ ਨਿਯਮਾਂ ਅਤੇ ਮਿਆਰਾਂ ਅਨੁਸਾਰ ਹੀ ਕੀਤੇ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਦੇ ਵਿਕਾਸ ਲਈ ਮਨਜ਼ੂਰ ਕੀਤੇ ਗਏ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਕੀਮ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ, ਜਿਸ ਲਈ ਮੌਕੇ ’ਤੇ ਨਿਗਰਾਨੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ’ਤੇ ਕੀਤੀ ਗਈ ਕਾਰਵਾਈ ਦੀ ਵਿਸਥਾਰਪੂਰਕ ਲਿਖਤੀ ਰਿਪੋਰਟ ਅਗਲੀ ਸਮੀਖਿਆ ਮੀਟਿੰਗ ਵਿੱਚ ਲਾਜ਼ਮੀ ਤੌਰ ’ਤੇ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ, ਦੇਰੀ ਜਾਂ ਗੜਬੜ ਪਾਈ ਗਈ ਤਾਂ ਸਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪਿੰਡਾਂ ਦਾ ਬਹੁਪੱਖੀ ਵਿਕਾਸ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸਨੂੰ ਸਮੇਂ ਸਿਰ ਪੂਰਾ ਕਰਨ ਲਈ ਹਰ ਪੱਧਰ ’ਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਐਸ.ਡੀ.ਈ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜ.ਲਵੇਸ਼ ਜੈਨ, ਐਸ.ਡੀ.ਓ ਪੀ.ਡਬਲਿਊ .ਡੀ ਹਰਮਨਜੀਤ ਸਿੰਘ ਢੀਂਡਸਾ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।