ਧੁੰਦ ਦੇ ਮੱਦੇਨਜ਼ਰ ਸਕੂਲ ਵਾਹਨਾਂ ਦੀ ਚੈਕਿੰਗ

62

ਮਾਨਸਾ, 23 ਦਸੰਬਰ 2025 AJ DI Awaaj

Punjab Desk :   ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜਕੀ ਸੁਰੱਖਿਆ ਪ੍ਰਤੀ ਸਾਨੂੰ ਸਭ ਨੂੰ ਸੁਹਿਰਦ ਹੋ ਕੇ ਕੰਮ ਕਰਨ ਦੀ ਲੋੜ ਹੈ।

ਇਸ ਮੌਕੇ ਉਨ੍ਹਾਂ ਕਾਰਜਸਾਧਕ ਅਫ਼ਸਰ ਮਾਨਸਾ ਨੂੰ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸੜਕਾਂ ਦੀ ਸਮਾਂਬੱਧ ਅਤੇ ਮਿਆਰੀ ਮੁਰੰਮਤ ਅਤੇ ਨਿਰਮਾਣ ਕਾਰਜ ਬਾਰੇ ਨਿਰਦੇਸ਼ ਦਿੱਤੇ। ਓਨ੍ਹਾਂ ਜੰਗਲਾਤ ਵਿਭਾਗ ਨੂੰ ਸੜਕਾਂ ਦੇ ਕਿਨਾਰੇ ਝਾੜੀਆਂ- ਬੂਟੀ ਦੀ ਕਟਾਈ ਬਾਰੇ ਨਿਰਦੇਸ਼ ਦਿੱਤੇ।
ਓਨ੍ਹਾਂ ਪੁਲਿਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਕਾਰਵਾਈ ਦੀ ਰਿਪੋਰਟ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਧੁੰਦ ਦਾ ਮੌਸਮ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਾਰੇ ਮਾਪਦੰਡ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗ ਕੀਤੀ ਜਾਵੇ ਤਾਂ ਜੋ ਕਿ ਹਾਦਸਿਆਂ ਤੋਂ ਬਚਾਅ ਰਹੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲੈਕ ਸਪਾਟ ਏਰੀਏ ਵਿਚ ਰਿਫਲੈਕਟਰ ਲਗਾਏ ਜਾਣ ਅਤੇ ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਾਅ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਟਰੈਫਿਕ ਲਾਈਟਾਂ, ਸਪੀਡ ਬਰੇਕਰ ਆਦਿ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਸੜਕੀ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਐੱਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਐੱਸ ਡੀ ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਪੁਲੀਸ, ਨਗਰ ਕੌਂਸਲ, ਸਿੱਖਿਆ ਵਿਭਾਗ, ਜੰਗਲਾਤ ਵਿਭਾਗ, ਬਾਲ ਸੁਰੱਖਿਆ ਦਫ਼ਤਰ, ਨੈਸ਼ਨਲ ਹਾਈਵੇਅ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।