ਰੂਪਨਗਰ, 24 ਦਸੰਬਰ 2025 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਤੇ ਪੱਛੜੀਆਂ ਸ੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਮਲਕੀਤ ਸਿੰਘ ਥਿੰਦ ਨੇ ਜ਼ਿਲ੍ਹਾ ਭਲਾਈ ਦਫ਼ਤਰ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ, ਪਛੜੀ ਸ਼੍ਰੇਣੀ ਸਰਟੀਫਿਕੇਟ ਬਣਾਉਣ ਲਈ ਆਮਦਨ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ।
ਚੇਅਰਮੈਨ ਥਿੰਦ ਨੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਮੁਹੱਈਆ ਕਰਵਾਉਣ ਵੇਲੇ ਪੱਖਪਾਤ ਨਾ ਕੀਤਾ ਜਾਵੇ, ਅਜਿਹੀ ਰਿਪਰੋਟ ਸਾਹਮਣੇ ਆਉਣ ਤੇ ਸਬੰਧਤ ਵਿਭਾਗੀ ਅਧਿਕਾਰੀਆਂ ਖਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪਛੜੀਆਂ ਸ਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭਾਂ ਦੀ ਜਾਣਕਾਰੀ ਲਈ ਦਫਤਰ ਦੇ ਬਾਹਰ ਲਿਖ ਕੇ ਲਗਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਪਤਾ ਲੱਗ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐਸਡੀਐਮ ਮੋਰਿੰਡਾ ਗੁਰਦੇਵ ਸਿੰਘ ਧੰਮ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਹਾਜ਼ਰ ਸਨ।














