ਘੜੂੰਆ 01 Jan 2026 AJ DI Awaaj
Punjab Desk : ਨਵੇਂ ਸਾਲ ਦੇ ਪਾਵਨ ਮੌਕੇ ਪਿੰਡ ਘੜੂੰਆ ਸਥਿਤ ਇਤਿਹਾਸਕ ਗੁਰਦੁਆਰਾ ਡੇਗ ਸਾਹਿਬ ਵਿਖੇ ਸ਼ਰਧਾ ਅਤੇ ਭਗਤੀ ਭਾਵ ਨਾਲ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦੀਆਂ ਬਾਣੀਆਂ ਸੁਣ ਕੇ ਆਤਮਕ ਸੁਖ ਪ੍ਰਾਪਤ ਕੀਤਾ।
ਕੀਰਤਨ ਦਰਬਾਰ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਨਵੇਂ ਸਾਲ ਮੌਕੇ ਸੰਗਤ ਨੂੰ ਵਧਾਈਆਂ ਦਿੱਤੀਆਂ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਬਾਣੀ ਸਾਨੂੰ ਆਪਸੀ ਪਿਆਰ, ਸਾਂਝ ਅਤੇ ਸੇਵਾ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਵੀ ਸਰਾਹਨਾ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ, ਜਿਸ ਵਿੱਚ ਸੰਗਤ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਵਿੱਚ ਕੀਤੀ ਜਾਣ ‘ਤੇ ਸੰਗਤ ਵਿੱਚ ਖਾਸ ਉਤਸ਼ਾਹ ਅਤੇ ਆਤਮਕ ਖੁਸ਼ੀ ਵੇਖਣ ਨੂੰ ਮਿਲੀ।














